Punjab News: ਤਿੰਨ ਨੌਜਵਾਨਾਂ ਵੱਲੋਂ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼, ਇੱਕ ਦੀ ਮੌਤ
ਨਵਾਂਸ਼ਹਿਰ, 12 ਅਗਸਤ 2026
ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਗੜ੍ਹਪਧਾਣਾ ਵਿੱਚ ਇੱਕ ਬੇਹੱਦ ਦੁਖਦਾਈ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਤਿੰਨ ਨੌਜਵਾਨਾਂ ਵੱਲੋਂ ਜਹਿਰ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਪਰਮਜੀਤ ਸਿੰਘ ਇੱਕ ਧਾਰਮਿਕ ਕੀਰਤਨੀ ਜਥੇ ਨਾਲ ਜੁੜਿਆ ਹੋਇਆ ਸੀ ਅਤੇ ਸਮਾਜਿਕ ਤੌਰ ’ਤੇ ਵੀ ਕਾਫ਼ੀ ਸਰਗਰਮ ਸੀ।
ਪਿੰਡ ਦੇ ਸਰਪੰਚ ਹਰਦੀਪ ਸਿੰਘ, ਬਲਬੀਰ ਸਿੰਘ ਥਾਂਦੀ ਅਤੇ ਜੁਝਾਰ ਸਿੰਘ ਸਮੇਤ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਨਾਮਕ ਨੌਜਵਾਨ ਨੂੰ ਆਨਲਾਈਨ ਕਾਰੋਬਾਰ ਵਿੱਚ ਲੱਖਾਂ ਰੁਪਏ ਦਾ ਵੱਡਾ ਘਾਟਾ ਪਿਆ ਸੀ। ਇਸ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਆਪਣੇ ਦੋ ਦੋਸਤਾਂ ਪਰਮਜੀਤ ਸਿੰਘ ਅਤੇ ਮਨਿੰਦਰ ਸਿੰਘ ਨੂੰ ਘਰ ਬੁਲਾਇਆ ਸੀ। ਇਸ ਤੋਂ ਬਾਅਦ ਤਿੰਨਾਂ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਤਿੰਨਾਂ ਨੌਜਵਾਨਾਂ ਨੂੰ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ। ਇਲਾਜ ਦੌਰਾਨ ਡਾਕਟਰਾਂ ਨੇ ਪਰਮਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦਿਲਪ੍ਰੀਤ ਸਿੰਘ ਦੀ ਹਾਲਤ ਅਜੇ ਵੀ ਚਿੰਤਾਜਨਕ ਦੱਸੀ ਜਾ ਰਹੀ ਹੈ। ਤੀਜੇ ਨੌਜਵਾਨ ਮਨਿੰਦਰ ਸਿੰਘ ਦੀ ਹਾਲਤ ਫਿਲਹਾਲ ਖ਼ਤਰੇ ਤੋਂ ਬਾਹਰ ਹੈ।
ਮੌਕੇ ’ਤੇ ਪਹੁੰਚੇ ਥਾਣਾ ਔੜ ਦੇ ਐੱਸ.ਐੱਚ.ਓ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਟਨਾ ਦਾ ਜਾਇਜਾ ਲੈਂਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਬਿਆਨ ਕਲਮਬੰਦ ਕੀਤੇ ਜਾ ਰਹੇ ਹਨ।



