ਮੁੱਖ ਅਧਿਆਪਕ ਦੀ ਮੌਤ ’ਤੇ ਸਕੂਲ ਸਟਾਫ ਨੇ ਦੁੱਖ ਪ੍ਰਗਟਾਇਆ, ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ
ਮੁਹਾਲੀ/ਐਸ.ਏ.ਐਸ. ਨਗਰ, 12 ਅਗਸਤ 2026: ਸਰਕਾਰੀ ਹਾਈ ਸਕੂਲ ਕੁੰਭੜਾ ਦੇ ਮੁੱਖ ਅਧਿਆਪਕ ਗੁਰਮੇਹਰ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੌਰਾਨ ਉਨ੍ਹਾਂ ਦੀ ਮੌਤ ਹੋ ਜਾਣ ਦੀ ਖ਼ਬਰ ਨਾਲ ਸਕੂਲ ਸਟਾਫ, ਵਿਦਿਆਰਥੀਆਂ ਅਤੇ ਸਮੁੱਚੇ ਸਿੱਖਿਆ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸਕੂਲ ਸਟਾਫ ਵੱਲੋਂ ਮੁੱਖ ਅਧਿਆਪਕ ਨੂੰ ਸੱਚੇ-ਸੁੱਚੇ, ਇਮਾਨਦਾਰ ਅਤੇ ਸਮਰਪਿਤ ਅਧਿਆਪਕ ਦੱਸਦਿਆਂ ਉਨ੍ਹਾਂ ਲਈ ਇਨਸਾਫ ਦੀ ਮੰਗ ਕੀਤੀ ਗਈ ਹੈ।
ਸਕੂਲ ਸਟਾਫ ਵੱਲੋਂ ਜਾਰੀ ਕੀਤੇ ਪੱਤਰ ਅਨੁਸਾਰ, ਕੁਝ ਸਮਾਂ ਪਹਿਲਾਂ ਜਦੋਂ ਅਧਿਆਪਕ ਨੂੰ ਗੁਰੂ ਦਾ ਦਰਜਾ ਦਿੱਤਾ ਜਾਂਦਾ ਸੀ ਅਤੇ ਸਮਾਜ ਵਿੱਚ ਅਧਿਆਪਕਾਂ ਨੂੰ ਬਹੁਤ ਸਤਿਕਾਰ ਮਿਲਦਾ ਸੀ, ਪਰ ਮੌਜੂਦਾ ਸਮੇਂ ਵਿੱਚ ਅਧਿਆਪਕਾਂ ’ਤੇ ਹਮਲੇ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣ ਰਹੀਆਂ ਹਨ। ਸਟਾਫ ਨੇ ਕਿਹਾ ਕਿ ਜੇਕਰ ਇੱਕ ਇਮਾਨਦਾਰ, ਕੁਸ਼ਲ ਪ੍ਰਸ਼ਾਸਕ, ਵਿਦਵਾਨ ਅਧਿਆਪਕ ਅਤੇ ਵਿਦਿਆਰਥੀਆਂ ਦੇ ਮਸੀਹਾ ਵਜੋਂ ਸੇਵਾ ਨਿਭਾ ਰਹੇ ਮੁੱਖ ਅਧਿਆਪਕ ’ਤੇ ਹਮਲਾ ਹੁੰਦਾ ਹੈ ਤਾਂ ਇਹ ਸਮਾਜ ਲਈ ਬੇਹੱਦ ਗੰਭੀਰ ਅਤੇ ਚਿੰਤਾਜਨਕ ਗੱਲ ਹੈ।
ਪੱਤਰ ਵਿੱਚ ਦੱਸਿਆ ਗਿਆ ਹੈ ਕਿ ਸਕੂਲ ਮੁਖੀ ਗੁਰਮੇਹਰ ਸਿੰਘ ’ਤੇ 5 ਅਗਸਤ 2026 ਨੂੰ ਉਨ੍ਹਾਂ ਦੇ ਘਰ ਦੇ ਅੱਗੇ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਸਨ। ਸਟਾਫ ਅਨੁਸਾਰ, ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਉਹ ਜੇਰੇ ਇਲਾਜ ਦੌਰਾਨ ਦਮ ਤੋੜ ਗਏ।
ਸਕੂਲ ਸਟਾਫ ਨੇ ਕਿਹਾ ਕਿ ਇਸ ਘਟਨਾ ਨਾਲ ਪੂਰੇ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਪੰਜਾਬ ਅੰਦਰ ਵੀ ਰੋਸ ਅਤੇ ਦੁੱਖ ਦੀ ਭਾਵਨਾ ਪਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ।
ਕੁੰਭੜਾ ਦੇ ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ਡੀ.ਜੀ.ਪੀ. ਪੰਜਾਬ ਕੋਲੋਂ ਮੰਗ ਕੀਤੀ ਹੈ ਕਿ ਮ੍ਰਿਤਕ ਮੁੱਖ ਅਧਿਆਪਕ ਦੇ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਦਿਵਾਇਆ ਜਾਵੇ ਅਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ।
ਸਟਾਫ ਨੇ ਕਿਹਾ ਕਿ ਪਰਿਵਾਰ ਨੂੰ ਇਨਸਾਫ ਮਿਲਣਾ ਅਤੇ ਘਟਨਾ ਦੀ ਅਸਲ ਸੱਚਾਈ ਸਾਹਮਣੇ ਲਿਆਉਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਅਧਿਆਪਕ ਵਰਗ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।



