DC ਕੋਮਲ ਮਿੱਤਲ ਅਤੇ SSP ਹਰਮਨਦੀਪ ਹਾਂਸ ਵੱਲੋਂ ਆਜ਼ਾਦੀ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ

Top Trending News ਪੰਜਾਬ
  • DC ਕੋਮਲ ਮਿੱਤਲ ਅਤੇ SSP ਹਰਮਨਦੀਪ ਹਾਂਸ ਵੱਲੋਂ ਆਜ਼ਾਦੀ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ
  • ਡਿਪਟੀ ਕਮਿਸ਼ਨਰ ਵੱਲੋਂ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ, ਕਮੀਆਂ ਨੂੰ ਦੂਰ ਕਰਨ ਦੇ ਨਿਰਦੇਸ਼
  • 12 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਲਿਆ ਫੁੱਲ ਡਰੈੱਸ ਰਿਹਰਸਲ ਵਿੱਚ ਹਿੱਸਾ; ਡੀ.ਐਸ.ਪੀ. ਖਰੜ ਈਸ਼ਾਨ ਸਿੰਗਲਾ ਨੇ ਕੀਤੀ ਪਰੇਡ ਦੀ ਅਗਵਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਗਸਤ (ਦੇਸ਼ ਕਲਿੱਕ ਬਿਊਰੋ): ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਅਤੇ ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਵੱਲੋਂ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਕਰਵਾਈ ਗਈ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਵੱਲੋਂ ਸਮਾਗਮ ਦੇ ਪ੍ਰਬੰਧਾਂ ਵਿੱਚ ਲੋੜੀਂਦੇ ਸੁਧਾਰ ਕਰਨ ਅਤੇ ਬਾਕੀ ਰਹਿੰਦੇ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਰ ਪ੍ਰਬੰਧ ਦੀ ਮੁੜ ਜਾਂਚ ਯਕੀਨੀ ਬਣਾਉਣ ਲਈ ਕਿਹਾ।

ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦੀ ਅਗਵਾਈ ਡੀ.ਐਸ.ਪੀ. ਖਰੜ ਸ੍ਰੀ ਈਸ਼ਾਨ ਸਿੰਗਲਾ ਵੱਲੋਂ ਕੀਤੀ ਗਈ। ਮਾਰਚ ਪਾਸਟ ਅਤੇ ਸੱਭਿਆਚਾਰਕ ਸਮਾਗਮ ਵਿੱਚ 12 ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਦੇਸ਼ ਭਗਤੀ, ਅਨੁਸ਼ਾਸਨ ਅਤੇ ਉਤਸ਼ਾਹ ਦਾ ਪ੍ਰਦਰਸ਼ਨ ਕੀਤਾ।

ਸੱਭਿਆਚਾਰਕ ਪ੍ਰੋਗਰਾਮ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਬਰੁਕਫੀਲਡ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ, ਏ.ਪੀ.ਜੇ. ਸਕੂਲ ਮੁੰਡੀ ਖਰੜ, ਐਨ.ਪੀ.ਐਸ. ਕੁਰਾਲੀ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ1, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੋਹਾਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ 3ਬੀ1 ਦੇ ਵਿਸ਼ੇਸ਼ ਬੱਚਿਆਂ ਨੇ ਭਾਗ ਲਿਆ।

ਮਾਰਚ ਪਾਸਟ ਵਿੱਚ ਸਰਕਾਰੀ ਕਾਲਜ ਫੇਜ਼-6 ਮੋਹਾਲੀ, ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਸਿਆਲਬਾ ਮਾਜਰੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਮੋਹਾਲੀ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾਰਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਦੇ ਐਨ ਸੀ ਸੀ ਕੈਡੇਟਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਐਸ.ਐਸ.ਪੀ. ਸ੍ਰੀ ਹਰਮਨਦੀਪ ਸਿੰਘ ਹਾਂਸ ਨੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਪੁਲਿਸ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੀ ਪੁਲਿਸ ਤਾਇਨਾਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਏ.ਡੀ.ਸੀ. ਸ੍ਰੀ ਅਨਮੋਲ ਸਿੰਘ ਧਾਲੀਵਾਲ, ਸ੍ਰੀਮਤੀ ਗੀਤਿਕਾ ਸਿੰਘ ਅਤੇ ਸ੍ਰੀਮਤੀ ਸੋਨਮ ਚੌਧਰੀ, ਐਸ.ਡੀ.ਐਮ. ਮੋਹਾਲੀ ਸ੍ਰੀਮਤੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮੋਹਾਲੀ ਸ੍ਰੀ ਨਵਦੀਪ ਸਿੰਘ, ਐਸ.ਪੀ. ਸ੍ਰੀ ਦਿਲਪ੍ਰੀਤ ਸਿੰਘ, ਸ੍ਰੀ ਰਮਨਦੀਪ ਸਿੰਘ, ਸ੍ਰੀ ਮੋਹਿਤ ਅਗਰਵਾਲ ਅਤੇ ਸ੍ਰੀਮਤੀ ਦੀਪਿਕਾ ਸਿੰਘ, ਏ.ਐਸ.ਪੀ. ਗ਼ਜ਼ਲ ਪ੍ਰੀਤ ਕੌਰ, ਡੀ.ਡੀ.ਪੀ.ਓ. ਡਾ. ਪਰਮਬੀਰ ਕੌਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਡਾ. ਗਿੰਨੀ ਦੁੱਗਲ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ 15 ਅਗਸਤ, 2026 ਨੂੰ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਕਰਵਾਇਆ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।