ਕੁਰਾਲਾ, ਜੰਗਪੁਰਾ ਅਤੇ ਨਿਡਿਆਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਦੀ ਪੇਸ਼ਕਾਰੀ

Top Trending News ਪੰਜਾਬ
  • ਕੁਰਾਲਾ, ਜੰਗਪੁਰਾ ਅਤੇ ਨਿਡਿਆਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਦੀ ਪੇਸ਼ਕਾਰੀ
  • ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਉਪਰਾਲੇ ਦੀ ਪਿੰਡ ਵਾਸੀਆਂ ਵੱਲੋਂ ਭਰਪੂਰ ਸ਼ਲਾਘਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਐਲ.ਈ.ਡੀ. ਸਕਰੀਨ ਰਾਹੀਂ ਕਰੀਬ 30 ਮਿੰਟ ਦੇ ਕਰੀਬ ਪਿੰਡ ਕੁਰਾਲਾ, ਜੰਗਪੁਰਾ ਅਤੇ ਨਿਡਿਆਲੀ ਵਿਖੇ ਦਿਖਾਈ ਗਈ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਡਾਕੂਮੈਂਟਰੀ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਹਾਜ਼ਰ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਮਹਾਨ ਸੰਤਾਂ ਅਤੇ ਗੁਰੂਆਂ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਦਸਤਾਵੇਜ਼ੀ ਫਿਲਮ ਦੇਖਣ ਵਾਲੇ ਪਿੰਡਾਂ ਦੇ ਵਸਨੀਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੂਬਾ ਪੱਧਰ ‘ਤੇ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਇਸ ਮੁਹਿੰਮ ਰਾਹੀਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਸਮਾਜ ਵਿੱਚ ਸਮਾਨਤਾ, ਸਦਭਾਵਨਾ ਅਤੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਕਦਮ ਹੈ।