ਨਾਂਦੇੜ ਸਾਹਿਬ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਬਿਆਨ, ਕਿਹਾ- ਨਾ ਪਹਿਲਾਂ ਡਰਿਆ, ਨਾ ਹੁਣ ਡਰਾਂਗਾ

Top Trending News ਪੰਜਾਬ ਰਾਸ਼ਟਰੀ

ਨਾਂਦੇੜ ਸਾਹਿਬ ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਪਹਿਲਾ ਵੱਡਾ ਬਿਆਨ, ਕਿਹਾ- ਨਾ ਪਹਿਲਾਂ ਡਰਿਆ, ਨਾ ਹੁਣ ਡਰਾਂਗਾ

ਨਾਂਦੇੜ ਸਾਹਿਬ, 14 ਅਗਸਤ 2026- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਬੀਤੇ ਦਿਨ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਕਰੀਬ 24 ਘੰਟਿਆਂ ਤੱਕ ਡਾਕਟਰੀ ਨਿਗਰਾਨੀ ਹੇਠ ਰੱਖਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਤੋਂ ਬਾਹਰ ਆਉਂਦਿਆਂ ਸੁਖਬੀਰ ਬਾਦਲ ਨੇ ਹਮਲੇ ਸਬੰਧੀ ਆਪਣਾ ਪਹਿਲਾ ਵੱਡਾ ਬਿਆਨ ਦਿੱਤਾ।

ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅਜਿਹੀਆਂ ਘਟਨਾਵਾਂ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ, “ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ॥” ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਿਰ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਹੱਥ ਹੈ ਅਤੇ ਗੁਰੂ ਸਾਹਿਬ ਦੀ ਕਿਰਪਾ ਸਦਕਾ ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਉਨ੍ਹਾਂ ’ਤੇ ਦੂਜੀ ਵਾਰ ਹਮਲਾ ਹੋਇਆ ਹੈ, ਪਰ ਉਹ ਨਾ ਪਹਿਲਾਂ ਕਦੇ ਡਰੇ ਹਨ ਅਤੇ ਨਾ ਹੀ ਹੁਣ ਡਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀਆਂ ਘਟਨਾਵਾਂ ਉਨ੍ਹਾਂ ਦੇ ਹੌਸਲੇ ਨੂੰ ਕਮਜ਼ੋਰ ਨਹੀਂ ਕਰ ਸਕਦੀਆਂ।

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਥ ਦੀ ਸੇਵਾ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹੈ। ਉਨ੍ਹਾਂ ਹਮਲੇ ਤੋਂ ਬਾਅਦ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕਰਨ ਵਾਲੇ ਸਮਰਥਕਾਂ, ਪਾਰਟੀ ਵਰਕਰਾਂ ਅਤੇ ਸੰਗਤ ਦਾ ਵੀ ਧੰਨਵਾਦ ਕੀਤਾ।