- ਕਾਂਗਰਸ ਦੇ ਕਾਟੋ-ਕਲੇਸ਼ ਤੋਂ ਨਾਰਾਜ਼ ਕਾਂਗਰਸੀ ਆਗੂ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ
- ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕੀਤਾ ਨਿੱਘਾ ਸਵਾਗਤ; ਕਿਹਾ—ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ’ਤੇ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ
ਸੰਗਰੂਰ, 15 ਅਗਸਤ (ਦੇਸ਼ ਕਲਿੱਕ ਬਿਊਰੋ): ਪਿੰਡ ਝਨੇੜੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਆਗੂ ਸ. ਹਰਦੀਪ ਸਿੰਘ ਫੌਜੀ ਨੇ ਆਪਣੇ ਸਾਥੀਆਂ ਅਤੇ ਸਮੂਹ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ. ਹਰਦੀਪ ਸਿੰਘ ਫੌਜੀ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਪਾਰਦਰਸ਼ੀ ਸ਼ਾਸਨ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਲਗਾਤਾਰ ‘ਆਪ’ ਨਾਲ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀਆਂ ਭਾਵਨਾਵਾਂ ਤੇ ਸੁਝਾਵਾਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਚੱਲ ਰਹੇ ਅੰਦਰੂਨੀ ਕਾਟੋ-ਕਲੇਸ਼ ਅਤੇ ਧੜੇਬੰਦੀ ਕਾਰਨ ਪਾਰਟੀ ਦੇ ਆਗੂ ਅਤੇ ਵਰਕਰ ਨਿਰਾਸ਼ ਹਨ। ਇਸ ਦੇ ਉਲਟ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਅਤੇ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ ’ਤੇ ਲਿਜਾਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਰਵਾਇਤੀ ਸਿਆਸਤ ਦੀ ਬਜਾਏ ਵਿਕਾਸ, ਸਿੱਖਿਆ, ਸਿਹਤ, ਰੁਜ਼ਗਾਰ ਅਤੇ ਲੋਕ-ਭਲਾਈ ਨੂੰ ਤਰਜੀਹ ਦੇ ਰਹੇ ਹਨ।
ਵਿਧਾਇਕ ਭਰਾਜ ਨੇ ਕਿਹਾ ਕਿ ਸ. ਹਰਦੀਪ ਸਿੰਘ ਫੌਜੀ ਦਾ ਰਾਜਨੀਤਿਕ ਅਤੇ ਸਮਾਜਿਕ ਖੇਤਰ ਵਿੱਚ ਆਪਣਾ ਤਜਰਬਾ ਹੈ। ਉਹ ਇਸ ਵਾਰ ਕਾਂਗਰਸ ਪਾਰਟੀ ਵੱਲੋਂ ਬਲਾਕ ਸੰਮਤੀ ਦੀ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਵੱਲੋਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਪਾਰਟੀ ਦੀਆਂ ਨੀਤੀਆਂ ਪ੍ਰਤੀ ਉਨ੍ਹਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਉਨ੍ਹਾਂ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਉਨ੍ਹਾਂ ਦੀਆਂ ਸੇਵਾਵਾਂ ਦਾ ਪੂਰਾ ਲਾਭ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਆਗੂ ਅਤੇ ਵਰਕਰ ਇੱਕਜੁੱਟ ਹੋ ਕੇ ਹਲਕਾ ਸੰਗਰੂਰ ਅਤੇ ਪੰਜਾਬ ਦੀ ਤਰੱਕੀ ਲਈ ਕੰਮ ਕਰਨਗੇ।
ਸ. ਹਰਦੀਪ ਸਿੰਘ ਫੌਜੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਜਗਸੀਰ ਸਿੰਘ ਝਨੇੜੀ, ਲਖਵਿੰਦਰ ਸਿੰਘ ਫੱਗੂਵਾਲ, ਜਗਜੀਤ ਸਿੰਘ, ਵਿੱਕੀ ਸਮੇਤ ਹੋਰ ਪਾਰਟੀ ਆਗੂ, ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।





