- ਯੂਥ ਅਕਾਲੀ ਦਲ ਦੇ ਪ੍ਰਧਾਨ ਸੜਕ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੇ
ਰਾਜਪੁਰਾ, 15 ਅਗਸਤ (ਦੇਸ਼ ਕਲਿੱਕ ਬਿਉਰੂਓ): ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸ਼ਨੀਵਾਰ ਨੂੰ ਪਟਿਆਲਾ-ਚੰਡੀਗੜ੍ਹ ਰੋਡ ’ਤੇ ਰਾਜਪੁਰਾ ਨੇੜੇ ਸੜਕ ਹਾਦਸੇ ਦਾ ਸ਼ਿਕਾਰ ਹੋਣ ਦੀ ਖਬਰ ਸਾਹਮਣੇ ਆਈ ਹੈ। ਹਾਲਾਂਕਿ ਇਸ ਹਾਦਸੇ ‘ਚ ਸਰਬਜੀਤ ਸਿੰਘ ਝਿੰਜਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਵਾਲ-ਵਾਲ ਬਚਾਅ ਹੋ ਗਿਆ। ਹਾਦਸਾ ਗਗਨ ਫੈਕਟਰੀ ਨੇੜੇ ਵਾਪਰਿਆ, ਜਿਸ ਵਿੱਚ ਝਿੰਜਰ ਦੀਆਂ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ।
ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਝਿੰਜਰ ਰਾਜਪੁਰਾ ਦੇ ਨੀਲਮ ਹਸਪਤਾਲ ਤੋਂ ਆਪਣੇ ਕਿਸੇ ਨਜ਼ਦੀਕੀ ਦੀ ਖ਼ਬਰ ਲੈ ਕੇ ਆਪਣੇ ਹਲਕੇ ਘਨੌਰ ਵੱਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਗੱਡੀ ਦੇ ਅੱਗੇ ਅਚਾਨਕ ਇੱਕ ਵਾਹਨ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਵਾਹਨ ਨੇ ਝਿੰਜਰ ਦੀਆਂ ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਹਾਦਸੇ ਵਿੱਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਝਿੰਜਰ ਦੇ ਨਾਲ ਉਨ੍ਹਾਂ ਦੇ ਸਾਥੀ ਵੀ ਗੱਡੀਆਂ ਵਿੱਚ ਸਵਾਰ ਸਨ, ਜੋ ਸਾਰੇ ਸੁਰੱਖਿਅਤ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਸਰਬਜੀਤ ਸਿੰਘ ਝਿੰਜਰ ਵੱਲੋਂ ਰਾਜਪੁਰਾ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।





