ਹਮਲਿਆਂ ਨਾਲ ਅਕਾਲੀ ਦਲ ਦੀ ਆਵਾਜ਼ ਨਹੀਂ ਦਬਾਈ ਜਾ ਸਕਦੀ: ਬੀਬੀ ਬਾਦਲ
ਈਸੜੂ (ਲੁਧਿਆਣਾ), 16 ਅਗਸਤ 2026
ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸ਼ਨੀਵਾਰ ਨੂੰ ਈਸੜੂ ਵਿਖੇ ਕਰਵਾਏ ਸ਼ਹੀਦੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨਾਲ ਅਕਾਲੀ ਦਲ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।
ਉਨ੍ਹਾਂ ਕਿਹਾ ਕਿ ਇਹ ਲੜਾਈ ਪੰਥ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹੈ ਅਤੇ ਅਜਿਹੇ ਕਾਇਰਾਨਾ ਹਮਲੇ ਅਕਾਲੀ ਆਗੂਆਂ ਤੇ ਵਰਕਰਾਂ ਦੇ ਹੌਸਲੇ ਨਹੀਂ ਤੋੜ ਸਕਦੇ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਸਾਹਿਬ ’ਤੇ ਪੂਰਾ ਭਰੋਸਾ ਹੈ ਅਤੇ ਸੁਖਬੀਰ ਸਿੰਘ ਬਾਦਲ ਜਿਸ ਥਾਂ ਤੋਂ ਆਸ਼ੀਰਵਾਦ ਲੈ ਕੇ ਆਏ ਹਨ, ਉੱਥੋਂ ਹੋਰ ਮਜ਼ਬੂਤ ਹੋ ਕੇ ਪਰਤਣਗੇ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਹਿੱਤਾਂ ਲਈ ਲੜਾਈ ਜਾਰੀ ਰੱਖਣ ਅਤੇ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਬੀਬੀ ਬਾਦਲ ਨੇ ਦੱਸਿਆ ਕਿ ਹਸਪਤਾਲ ਵਿੱਚ ਇਲਾਜ ਅਧੀਨ ਹੋਣ ਦੇ ਬਾਵਜੂਦ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਈਸੜੂ ਦੇ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਭੇਜਿਆ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਹ ਘਟਨਾ ਸੁਖਬੀਰ ਸਿੰਘ ਬਾਦਲ ਦੀ ਪੰਜਾਬ, ਪੰਥ ਅਤੇ ਪਾਰਟੀ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅਕਾਲੀ ਵਰਕਰਾਂ ਨੂੰ ਇਕਜੁੱਟ ਰਹਿਣ ਅਤੇ ਪੰਜਾਬ ਦੇ ਹਿੱਤਾਂ ਲਈ ਡਟ ਕੇ ਖੜ੍ਹਨ ਦਾ ਸੱਦਾ ਦਿੱਤਾ।





