ਡੇਅਰੀ ਦੀ ਆੜ ’ਚ ਨਾਜਾਇਜ਼ ਸ਼ਰਾਬ ਦਾ ਧੰਦਾ, ਤਸਕਰ ਗ੍ਰਿਫ਼ਤਾਰ
ਗੁਰਦਾਸਪੁਰ, 16 ਅਗਸਤ 2026
ਥਾਣਾ ਸਿਟੀ ਗੁਰਦਾਸਪੁਰ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਵਿਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ 6 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਡੇਅਰੀ ਦੀ ਆੜ ਵਿੱਚ ਕਥਿਤ ਤੌਰ ’ਤੇ ਸ਼ਰਾਬ ਵੇਚਣ ਦਾ ਧੰਦਾ ਕਰ ਰਿਹਾ ਸੀ। ਪੁਲਿਸ ਨੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਿਟੀ ਗੁਰਦਾਸਪੁਰ ਵਿੱਚ ਤਾਇਨਾਤ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਦੋਛੰਨੀ ਰੋਡ ਸਥਿਤ ਕਾਦਰੀ ਮੁਹੱਲਾ ਗੁਰਦਾਸਪੁਰ ਵਿੱਚ ਇੱਕ ਡੇਅਰੀ ਦੀ ਆੜ ਹੇਠ ਨਾਜਾਇਜ਼ ਸ਼ਰਾਬ ਵੇਚੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਸਥਾਨ ’ਤੇ ਛਾਪਾ ਮਾਰਿਆ ਅਤੇ ਡੇਅਰੀ ਦੀ ਚੈਕਿੰਗ ਕੀਤੀ।
ਚੈਕਿੰਗ ਦੌਰਾਨ ਪੁਲਿਸ ਨੂੰ ਡੇਅਰੀ ਵਿੱਚੋਂ 6 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਵਿੱਚ ਲਗਭਗ 72 ਬੋਤਲਾਂ ਦੱਸੀਆਂ ਜਾ ਰਹੀਆਂ ਹਨ। ਪੁਲਿਸ ਨੇ ਮੌਕੇ ਤੋਂ ਡੇਅਰੀ ਚਲਾ ਰਹੇ ਮੁੰਨਾ ਸ਼ਰਮਾ ਵਾਸੀ ਹਰਦੋਛੰਨੀ ਰੋਡ, ਕਾਦਰੀ ਮੁਹੱਲਾ ਨੂੰ ਕਾਬੂ ਕਰ ਲਿਆ।
ਪੁਲਿਸ ਅਨੁਸਾਰ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੀ ਗਈ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੀ ਕਥਿਤ ਸਪਲਾਈ ਜਾਂ ਵਿਕਰੀ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦੀ ਵਿਕਰੀ ਸਮੇਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਧੰਦੇ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਛਾਪੇਮਾਰੀ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।





