Punjab News: ਬੀਜ ਅਤੇ ਸਬਸਿਡੀ ਘੁਟਾਲੇ ਮਾਮਲੇ ’ਚ ਹਾਈਕੋਰਟ ਦਾ ਸਖ਼ਤ ਰੁਖ, ਪੰਜਾਬ ਸਰਕਾਰ ਸਣੇ ਸਾਰੀਆਂ ਧਿਰਾਂ ਨੂੰ ਨੋਟਿਸ

Top Trending News ਪੰਜਾਬ

 

Punjab News: ਬੀਜ ਅਤੇ ਸਬਸਿਡੀ ਘੁਟਾਲੇ ਮਾਮਲੇ ’ਚ ਹਾਈਕੋਰਟ ਦਾ ਸਖ਼ਤ ਰੁਖ, ਪੰਜਾਬ ਸਰਕਾਰ ਸਣੇ ਸਾਰੀਆਂ ਧਿਰਾਂ ਨੂੰ ਨੋਟਿਸ

ਚੰਡੀਗੜ੍ਹ, 16 ਅਗਸਤ 2026

ਪੰਜਾਬ ਦੇ ਸਹਿਕਾਰਤਾ ਵਿਭਾਗ ਅਤੇ ਮਿਲਕਫੈੱਡ ਵਿੱਚ ਕਥਿਤ 500 ਕਰੋੜ ਰੁਪਏ ਦੇ ‘ਬੀਜ ਤੇ ਸਬਸਿਡੀ ਘੁਟਾਲੇ’ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ। ਮਾਮਲੇ ਦੀ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਸਮੇਤ ਸਬੰਧਤ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 28 ਸਤੰਬਰ ਨੂੰ ਹੋਵੇਗੀ।

ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੰਜਾਬ ਦੀਆਂ 6,300 ਤੋਂ ਵੱਧ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਵਿੱਚ ਹਾਈਬ੍ਰਿਡ ਬੀਜਾਂ ਦੀ ਖਰੀਦ ਅਤੇ ਸਬਸਿਡੀ ਵੰਡ ਦੌਰਾਨ ਕਥਿਤ ਤੌਰ ’ਤੇ ਜਾਅਲੀ ਬਿੱਲਾਂ, ਨਿਯਮਾਂ ਦੀ ਉਲੰਘਣਾ ਕਰਕੇ ਟੈਂਡਰ ਪ੍ਰਕਿਰਿਆ ਅਤੇ ਧਨ ਨੂੰ ਗੈਰਕਾਨੂੰਨੀ ਢੰਗ ਨਾਲ ਘੁਮਾਉਣ ਦੇ ਜ਼ਰੀਏ ਸਰਕਾਰੀ ਖ਼ਜ਼ਾਨੇ ਨੂੰ 500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਇਆ ਗਿਆ।

ਪਟੀਸ਼ਨਕਰਤਾਵਾਂ ਨੇ ਦੋਸ਼ ਲਾਇਆ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਵਿੱਚ ਐਫਆਈਆਰ ਦਰਜ ਨਹੀਂ ਕੀਤੀ ਗਈ। ਉਨ੍ਹਾਂ ਨੇ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂ ਕਿਸੇ ਹੋਰ ਸੁਤੰਤਰ ਜਾਂਚ ਏਜੰਸੀ ਤੋਂ ਅਦਾਲਤ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ ਹੈ।

ਪਟੀਸ਼ਨ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕਥਿਤ ਸਾਜ਼ਿਸ਼ ਵਿੱਚ ਕੁਝ ਸੀਨੀਅਰ ਸਿਆਸੀ ਆਗੂਆਂ ਅਤੇ ਸਰਕਾਰੀ ਅਧਿਕਾਰੀਆਂ ਦੀ ਸ਼ਮੂਲੀਅਤ ਹੋ ਸਕਦੀ ਹੈ। ਨਾਲ ਹੀ ਵਿਜੀਲੈਂਸ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਵੱਲੋਂ ਨੋਟਿਸ ਜਾਰੀ ਹੋਣ ਨਾਲ ਮਾਮਲਾ ਹੁਣ ਹੋਰ ਗੰਭੀਰ ਜਾਂਚ ਦੇ ਘੇਰੇ ਵਿੱਚ ਆ ਗਿਆ ਹੈ।