ਵੱਡੀ ਖ਼ਬਰ: ਹੋਟਲ ’ਚ ਲੱਗੀ ਭਿਆਨਕ ਅੱਗ, 6 ਤੀਰਥ ਯਾਤਰੀਆਂ ਦੀ ਮੌਤ

Top Trending News ਰਾਸ਼ਟਰੀ

 

ਵੱਡੀ ਖ਼ਬਰ: ਹੋਟਲ ’ਚ ਲੱਗੀ ਭਿਆਨਕ ਅੱਗ, 6 ਤੀਰਥ ਯਾਤਰੀਆਂ ਦੀ ਮੌਤ

ਪੱਛਮੀ ਬੰਗਾਲ, 17 ਅਗਸਤ 2026

ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਕਾਰਨ 6 ਤੀਰਥ ਯਾਤਰੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਕਈ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਜਾਣਕਾਰੀ ਮੁਤਾਬਕ ਅੱਜ 17 ਅਗਸਤ ਨੂੰ ਸਵੇਰੇ ਕਰੀਬ 4:30 ਵਜੇ ਤਾਰਾਪੀਠ ਥਾਣੇ ਦੇ ਨੇੜੇ ਇੱਕ ਤਲਾਬ ਦੇ ਕੰਢੇ ਸਥਿਤ ‘ਬਿਦਿਸ਼ਿਨੀ’ ਹੋਟਲ ਦੇ ਗਰਾਊਂਡ ਫਲੋਰ ਵਿੱਚ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਹੋਟਲ ਵਿੱਚ ਠਹਿਰੇ ਲੋਕਾਂ ਵਿੱਚ ਦਹਿਸ਼ਤ ਫੈਲ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਰਾਹਤ ਅਤੇ ਬਚਾਅ ਟੀਮਾਂ ਨੇ ਹੋਟਲ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਤੁਰੰਤ ਰਾਮਪੁਰਹਾਟ ਸਰਕਾਰੀ ਮੈਡੀਕਲ ਕਾਲਜ ਸਮੇਤ ਹੋਰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਫਾਇਰ ਵਿਭਾਗ ਮੁਤਾਬਕ ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਤਾਰਾਪੀਠ ਅਤੇ ਰਾਮਪੁਰਹਾਟ ਥਾਣਿਆਂ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਹੋਟਲ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।