ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਨਵੀਂ ਦਿੱਲੀ, 17 ਅਗਸਤ 2026:
ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸਿਖਰਲੀ ਅਦਾਲਤ ਨੇ ਇਲਾਹਾਬਾਦ ਹਾਈ ਕੋਰਟ ਵਿੱਚ ਚੱਲ ਰਹੀ ਕਾਰਵਾਈ ’ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ।
ਇਸ ਦੇ ਨਾਲ ਹੀ ਸੀਬੀਆਈ ਅਤੇ ਈਡੀ ਨੂੰ ਵੀ ਇਸ ਮਾਮਲੇ ਸਬੰਧੀ ਆਪਣੀ ਜਾਂਚ ਰਿਪੋਰਟ ਹਾਈ ਕੋਰਟ ਜਾਂ ਕਿਸੇ ਹੋਰ ਅਥਾਰਟੀ ਕੋਲ ਦਾਖ਼ਲ ਕਰਨ ਤੋਂ ਰੋਕ ਦਿੱਤਾ ਗਿਆ ਹੈ।
ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਕੇਂਦਰੀ ਜਾਂਚ ਏਜੰਸੀਆਂ ਨੂੰ ਉਨ੍ਹਾਂ ਖ਼ਿਲਾਫ਼ ਲਗਾਏ ਗਏ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਸੀ।
ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਦੌਰਾਨ ਸਵਾਲ ਉਠਾਇਆ ਕਿ ਜਾਂਚ ਏਜੰਸੀਆਂ ਨੇ ਖ਼ੁਦ ਇਸ ਮਾਮਲੇ ਵਿੱਚ ਜਾਂਚ ਕਿਉਂ ਸ਼ੁਰੂ ਨਹੀਂ ਕੀਤੀ। ਅਦਾਲਤ ਨੇ ਮੁੱਢਲੀ ਟਿੱਪਣੀ ਕਰਦਿਆਂ ਕਿਹਾ ਕਿ ਹਾਈ ਕੋਰਟ ਵੱਲੋਂ ਪਹਿਲੀ ਨਜ਼ਰ ਵਿੱਚ ਕੁਦਰਤੀ ਨਿਆਂ ਦੇ ਸਿਧਾਂਤਾਂ ਦੀ ਪਾਲਣਾ ਨਹੀਂ ਕੀਤੀ ਗਈ।
ਸਿਖਰਲੀ ਅਦਾਲਤ ਨੇ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੀਬੀਆਈ ਅਤੇ ਈਡੀ ਨੂੰ ਨੋਟਿਸ ਵੀ ਜਾਰੀ ਕੀਤਾ ਹੈ। ਇਸ ਫ਼ੈਸਲੇ ਨਾਲ ਮਾਮਲੇ ਦੀ ਅਗਲੀ ਕਾਨੂੰਨੀ ਕਾਰਵਾਈ ’ਤੇ ਫਿਲਹਾਲ ਰੋਕ ਲੱਗ ਗਈ ਹੈ ਅਤੇ ਹੁਣ ਕੇਸ ਵਿੱਚ ਸੁਪਰੀਮ ਕੋਰਟ ਦੇ ਅਗਲੇ ਹੁਕਮ ਮਹੱਤਵਪੂਰਨ ਹੋਣਗੇ।





