Punjab News: ਐਨਐਚਐਮ ਮੁਲਾਜ਼ਮਾਂ ਵੱਲੋਂ ਕਲਮ-ਛੋੜ ਹੜਤਾਲ ਦਾ ਐਲਾਨ

Top Trending News ਪੰਜਾਬ

 

Punjab News: ਐਨਐਚਐਮ ਮੁਲਾਜ਼ਮਾਂ ਵੱਲੋਂ ਕਲਮ-ਛੋੜ ਹੜਤਾਲ ਦਾ ਐਲਾਨ

ਬਠਿੰਡਾ, 18 ਅਗਸਤ 2026:

ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਨੇ 24 ਅਗਸਤ ਤੱਕ ਪੂਰਨ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ 14 ਅਗਸਤ ਨੂੰ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵੀ ਮੰਗਾਂ ਸਬੰਧੀ ਕੋਈ ਲਿਖਤੀ ਭਰੋਸਾ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।

ਆਗੂਆਂ ਅਨੁਸਾਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਅਤੇ ਵਿਭਾਗ ਨਾਲ ਕਈ ਵਾਰ ਗੱਲਬਾਤ ਹੋ ਚੁੱਕੀ ਹੈ, ਪਰ ਹਰ ਵਾਰ ਮੀਟਿੰਗਾਂ ਕਿਸੇ ਠੋਸ ਨਤੀਜੇ ਤੋਂ ਬਿਨਾਂ ਸਮਾਪਤ ਹੋਈਆਂ। ਉਨ੍ਹਾਂ ਦੋਸ਼ ਲਾਇਆ ਕਿ ਕੌਮੀ ਸਿਹਤ ਮਿਸ਼ਨ ਅਧੀਨ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਨਾਲ ਭੇਦਭਰੀ ਵਿਵਹਾਰ ਕੀਤਾ ਜਾ ਰਿਹਾ ਹੈ। ਬਜਟ ਜਾਂ ਸਰਕਾਰੀ ਖ਼ਜ਼ਾਨਾ ਖਾਲੀ ਹੋਣ ਦਾ ਹਵਾਲਾ ਦੇ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ।

ਹੜਤਾਲ ਦੌਰਾਨ ਮੁਲਾਜ਼ਮ ਕਲੈਰੀਕਲ, ਪੈਰਾਮੈਡੀਕਲ ਅਤੇ ਮੈਡੀਕਲ ਕੰਮਾਂ ਤੋਂ ਇਲਾਵਾ ਮੀਟਿੰਗਾਂ, ਸਿਖਲਾਈਆਂ ਅਤੇ ਰਿਪੋਰਟ ਤਿਆਰ ਕਰਨ ਦਾ ਕੰਮ ਵੀ ਬੰਦ ਰੱਖਣਗੇ। ਇਸ ਦੇ ਨਾਲ ਸਿਵਲ ਸਰਜਨ ਅਤੇ ਐਸਐਮਓ ਦਫ਼ਤਰਾਂ ਦੇ ਬਾਹਰ ਧਰਨੇ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਤੁਰੰਤ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਹੜਤਾਲ ਨੂੰ ਅਣਮਿੱਥੇ ਸਮੇਂ ਲਈ ਵਧਾਇਆ ਜਾ ਸਕਦਾ ਹੈ। ਆਗੂਆਂ ਨੇ ਤਨਖਾਹਾਂ ਵਿੱਚ ਵਾਧੇ ਸਮੇਤ ਹੋਰ ਮੰਗਾਂ ਬਾਰੇ ਤੁਰੰਤ ਲਿਖਤੀ ਭਰੋਸਾ ਦੇਣ ਦੀ ਮੰਗ ਕੀਤੀ ਹੈ।