ਸਾਬਕਾ ਮੰਤਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ’ਤੇ AAP ਦਾ BJP ’ਤੇ ਵੱਡਾ ਹਮਲਾ, ਕੇਜਰੀਵਾਲ ਬੋਲੇ- ‘ਪਿਛਲਾ ਕੇਸ ਵੀ ਫਰਜ਼ੀ ਸੀ, ਇਹ ਵੀ’
ਨਵੀਂ ਦਿੱਲੀ, 19 ਅਗਸਤ 2026:
ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਦਿੱਲੀ ਜਲ ਬੋਰਡ ਦੇ ਕਥਿਤ ਟੈਂਡਰ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ। ਦਿੱਲੀ ਸਰਕਾਰ ਦੀ ਐਂਟੀ ਕਰੱਪਸ਼ਨ ਬ੍ਰਾਂਚ (ACB) ਨੇ ਜੈਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਏਜੰਸੀ ਵੱਲੋਂ ਟੈਂਡਰ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ।
ਗ੍ਰਿਫ਼ਤਾਰੀ ’ਤੇ ਪ੍ਰਤੀਕਿਰਿਆ ਦਿੰਦਿਆਂ AAP ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ’ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਜੈਨ ਨੂੰ ਮੁੜ ਝੂਠੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਵਾਇਆ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਵਾਲਾ ਮਾਮਲਾ ਵੀ ਫਰਜ਼ੀ ਸੀ ਅਤੇ ਮੌਜੂਦਾ ਮਾਮਲਾ ਵੀ ਫਰਜ਼ੀ ਹੈ। ਉਨ੍ਹਾਂ ਭਾਜਪਾ ’ਤੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਜਾਂਚ ਏਜੰਸੀਆਂ ਦੀ ਵਰਤੋਂ ਕਰਨ ਦੇ ਦੋਸ਼ ਲਗਾਏ।
ਉਧਰ ਦੂਜੇ ਪਾਸੇ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦਾਅਵਾ ਕੀਤਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੈਨ ਦੀ ਗ੍ਰਿਫ਼ਤਾਰੀ ਸਿਆਸੀ ਬੌਖਲਾਹਟ ਦਾ ਨਤੀਜਾ ਹੈ। ਸੰਸਦ ਮੈਂਬਰ ਸੰਜੇ ਸਿੰਘ ਨੇ ਵੀ ਦੋਸ਼ ਲਾਇਆ ਕਿ ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ AAP ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
AAP ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਸਵਾਲ ਉਠਾਇਆ ਕਿ ਜਿਸ ਜਲ ਬੋਰਡ ਟੈਂਡਰ ਦਾ ਮਾਮਲਾ ਹੈ, ਉਸ ਸਮੇਂ ਜੈਨ ਜੇਲ੍ਹ ਵਿੱਚ ਸਨ, ਤਾਂ ਫਿਰ ਉਨ੍ਹਾਂ ਨੂੰ ਇਸ ਲਈ ਕਿਵੇਂ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ ਹੈ? ਹਾਲਾਂਕਿ, ਸੂਤਰ ਦੱਸਦੇ ਹਨ ਕਿ ACB ਨੇ ਟੈਂਡਰ ਪ੍ਰਕਿਰਿਆ ਵਿੱਚ ਕਥਿਤ ਹੇਰਾਫੇਰੀ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਦੋਸ਼ਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਹੈ। ਜੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।





