ਵੱਡੀ ਖ਼ਬਰ: ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਖਿਡਾਰੀ ਕੁਨਾਰ AAP ‘ਚ ਹੋਏ ਸ਼ਾਮਲ
ਚੰਡੀਗੜ੍ਹ, 19 ਅਗਸਤ 2026:
ਪੰਜਾਬ ਦੀ ਸਿਆਸਤ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਬਕਾ ਭਾਰਤੀ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸੋਨ ਤਮਗਾ ਜੇਤੂ ਖਿਡਾਰੀ ਕੁਨਾਰ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਦੋਵਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੇ ਪਰਿਵਾਰ ਨੂੰ ਹੋਰ ਮਜ਼ਬੂਤੀ ਮਿਲਣ ਦਾ ਦਾਅਵਾ ਕੀਤਾ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਦੋਵਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਦਾ ਰਾਜਨੀਤੀ ਵਿੱਚ ਆਉਣਾ ਸੂਬੇ ਲਈ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੌਸ਼ਨ ਕੀਤਾ ਹੈ ਅਤੇ ਹੁਣ ਉਹ ਲੋਕ ਸੇਵਾ ਦੇ ਖੇਤਰ ਵਿੱਚ ਵੀ ਆਪਣਾ ਯੋਗਦਾਨ ਪਾ ਸਕਦੇ ਹਨ।
ਮਨਪ੍ਰੀਤ ਸਿੰਘ ਗੋਨੀ ਭਾਰਤੀ ਕ੍ਰਿਕਟ ਨਾਲ ਜੁੜੇ ਰਹੇ ਹਨ, ਜਦਕਿ ਕੁਨਾਰ ਨੇ ਅੰਤਰਰਾਸ਼ਟਰੀ ਪੱਧਰ ’ਤੇ ਸੋਨ ਤਮਗਾ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਦੋਵਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਵਿਸ਼ਵਾਸ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਕੀਤਾ। ਪਾਰਟੀ ਆਗੂਆਂ ਨੇ ਇਸ ਨੂੰ ਸੰਗਠਨ ਦੇ ਵਿਸਥਾਰ ਲਈ ਅਹਿਮ ਕਦਮ ਕਰਾਰ ਦਿੱਤਾ।





