ਵੱਡੀ ਖ਼ਬਰ: ਚੰਡੀਗੜ੍ਹ-ਮਨਾਲੀ ਹਾਈਵੇ ’ਤੇ ਸੁਰੰਗ ‘ਚ ਵਾਪਰੀਆ ਭਿਆਨਕ ਸੜਕ ਹਾਦਸਾ, ਤਿੰਨ ਲੋਕਾਂ ਦੀ ਮੌਤ
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਣੋਗੀ ਸੁਰੰਗ ਵਿੱਚ ਦੋ ਟਰੱਕਾਂ ਦੀ ਟੱਕਰ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ 6 ਹੋਰ ਜ਼ਖ਼ਮੀ
ਚੰਡੀਗੜ੍ਹ 20 ਅਗਸਤ 2026
ਚੰਡੀਗੜ੍ਹ-ਮਨਾਲੀ ਕੌਮੀ ਮਾਰਗ ’ਤੇ ਹਣੋਗੀ ਸੁਰੰਗ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸੁਰੰਗ ਅੰਦਰ ਦੋ ਟਰੱਕਾਂ ਦੀ ਆਪਸੀ ਟੱਕਰ ਹੋਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ, ਦੋਵੇਂ ਟਰੱਕ ਸੁਰੰਗ ਵਿੱਚੋਂ ਲੰਘ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਛੇ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਦਲ ਮੌਕੇ ’ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤੇ। ਹਾਦਸੇ ਕਾਰਨ ਕੌਮੀ ਮਾਰਗ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਜਾਂ ਵਾਹਨਾਂ ’ਤੇ ਕਾਬੂ ਨਾ ਰਹਿਣ ਕਾਰਨ ਟੱਕਰ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਵੱਲੋਂ ਮ੍ਰਿਤਕਾਂ ਅਤੇ ਜ਼ਖ਼ਮੀਆਂ ਸਬੰਧੀ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।





