- ਹਿਸਾਰ ਕੋਰਟ ਕੰਪਲੈਕਸ ’ਚ ਗੈਂਗਸਟਰ ਵਿਨੋਦ ਕਾਣਾ ਦੀ ਗੋਲੀ ਮਾਰ ਕੇ ਹੱਤਿਆ
ਹਿਸਾਰ, 20 ਅਗਸਤ (ਦੇਸ਼ ਕਲਿੱਕ ਬਿਊਰੋ): ਹਿਸਾਰ ਦੇ ਕੋਰਟ ਕੰਪਲੈਕਸ ਵਿੱਚ ਵੀਰਵਾਰ ਦੁਪਹਿਰ ਕਰੀਬ ਪੌਣੇ 3 ਵਜੇ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਗੋਲੀਬਾਰੀ ਕਰਕੇ ਗੈਂਗਸਟਰ ਵਿਨੋਦ ਕਾਣਾ ਦੀ ਹੱਤਿਆ ਕਰ ਦਿੱਤੀ। ਦਿਨ-ਦਿਹਾੜੇ ਹੋਈ ਇਸ ਵਾਰਦਾਤ ਤੋਂ ਬਾਅਦ ਕੋਰਟ ਕੰਪਲੈਕਸ ਵਿੱਚ ਹਫੜਾ-ਦਫੜੀ ਮਚ ਗਈ। ਜਾਣਕਾਰੀ ਅਨੁਸਾਰ ਥੁਰਾਣਾ ਪਿੰਡ ਦੇ ਰਹਿਣ ਵਾਲੇ ਵਿਨੋਦ ਕਾਣਾ ਨੂੰ ਹਮਲਾਵਰਾਂ ਨੇ ਨੇੜਿਓਂ ਗੋਲੀਆਂ ਮਾਰੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਮਲੇ ਵਿੱਚ ਇੱਕ ਹੋਰ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦੀ ਜਾਣਕਾਰੀ ਹੈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮੁੱਢਲੀ ਜਾਂਚ ਵਿੱਚ ਪੁਰਾਣੀ ਰੰਜਿਸ਼ ਕਾਰਨ ਹਮਲਾ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਹ ਵੀ ਸ਼ੱਕ ਹੈ ਕਿ ਹਮਲਾਵਰ ਪਾਨੂ ਗੈਂਗ ਨਾਲ ਸਬੰਧਤ ਹੋ ਸਕਦੇ ਹਨ, ਹਾਲਾਂਕਿ ਪੁਲਿਸ ਜਾਂਚ ਤੋਂ ਬਾਅਦ ਹੀ ਇਸ ਦੀ ਪੁਸ਼ਟੀ ਹੋਵੇਗੀ। ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਬਲ ਕੋਰਟ ਕੰਪਲੈਕਸ ਵਿੱਚ ਪਹੁੰਚ ਗਿਆ। ਪੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਲਈ ਜ਼ਿਲ੍ਹੇ ਦੇ ਸਾਰੇ ਨਾਕਿਆਂ ’ਤੇ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਕੋਰਟ ਕੰਪਲੈਕਸ ਦੇ ਪ੍ਰਵੇਸ਼ ਦੁਆਰਾਂ ਅਤੇ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਜਾਰੀ ਹੈ।





