- ਹਰਚੰਦ ਬਰਸਟ ਵੱਲੋਂ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਸਨਮਾਨਿਤ
- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸਾਰਿਆਂ ਨੂੰ 5 – 5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ
ਐਸ.ਏ.ਐਸ. ਨਗਰ, 20 ਅਗਸਤ 2026 (ਦੇਸ਼ ਕਲਿੱਕ ਬਿਊਰੋ) : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲੀ ਨੂੰ ਉਤਸ਼ਾਹਿਤ ਕਰਨ ਲਈ ਬੂਟਿਆਂ ਦਾ ਲੰਗਰ ਲਗਾਉਣ ਲਈ ਪੰਜਾਬ ਮੰਡੀ ਬੋਰਡ ਕਰਮਚਾਰੀ ਯੂਨੀਅਨ ਅਤੇ ਸੁਖਵਿੰਦਰ ਸਿੰਘ ਗਿੱਲ ਵਹੀਕਲ ਸੁਪਰਵਾਈਜ਼ਰ ਨੂੰ ਸਨਮਾਨਿਤ ਕੀਤਾ ਗਿਆ। ਯੂਨੀਅਨ ਅਤੇ ਸੁਖਵਿੰਦਰ ਸਿੰਘ ਗਿੱਲ ਵੱਲੋਂ ਸ. ਹਰਚੰਦ ਸਿੰਘ ਬਰਸਟ ਦੀ ਪ੍ਰੇਰਣਾ ਸਦਕਾ ਬੂਟਿਆਂ ਦਾ ਲੰਗਰ ਲਗਾ ਕੇ ਫ਼ਲਦਾਰ ਅਤੇ ਰਵਾਇਤੀ ਕਿਸਮਾਂ ਦੇ ਬੂਟੇ ਵੰਡੇ ਗਏ।
ਇਸ ਮੌਕੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਵਿੱਚ ਰੁੱਖਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਵਧੀਆ ਸਮਾਂ ਹੁੰਦਾ ਹੈ, ਕਿਉਂਕਿ ਇਸ ਮੌਸਮ ਦੌਰਾਨ ਲਗਾਏ ਗਏ ਬੂਟੇ ਆਸਾਨੀ ਨਾਲ ਵਧਦੇ – ਫੁਲਦੇ ਹਨ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਹਨਾਂ ਦੀ ਸਾਂਭ-ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਸ. ਬਰਸਟ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦੀਆਂ ਅਨੇਕਾਂ ਜਰੂਰਤਾਂ ਪੂਰੀਆਂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਵੀ ਅਹਿਮ ਯੋਗਦਾਨ ਪਾਉਂਦੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਚੇਅਰਮੈਨ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਬੂਟੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਵੀ ਵਾਤਾਵਰਣ ਦੀ ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਾਰੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆੜ੍ਹਤੀਆਂ ਨੂੰ ਆਪਣੇ ਆਲੇ-ਦੁਆਲੇ ਘੱਟੋ-ਘੱਟ ਪੰਜ-ਪੰਜ ਬੂਟੇ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਦੋ-ਦੋ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਇਸ ਸੀਜ਼ਨ ਦੌਰਾਨ ਪੰਜਾਬ ਮੰਡੀ ਬੋਰਡ ਵੱਲੋਂ 55 ਹਜ਼ਾਰ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਸ੍ਰੀ ਕੁਮਾਰ ਅਮਿਤ ਸਕੱਤਰ ਪੰਜਾਬ ਮੰਡੀ ਬੋਰਡ, ਸ. ਜਤਿੰਦਰ ਸਿੰਘ ਭੰਗੂ ਇੰਜੀਨੀਅਰ-ਇਨ-ਚੀਫ਼, ਸ. ਗੁਰਿੰਦਰ ਸਿੰਘ ਚੀਮਾ ਮੁੱਖ ਇੰਜੀਨੀਅਰ ਸਮੇਤ ਸਮੂਹ ਅਧਿਕਾਰੀ ਅਤੇ ਯੂਨੀਅਨ ਮੈਂਬਰ ਹਾਜ਼ਰ ਰਹੇ।





