ਕੱਲ੍ਹ ਪੰਜਾਬ ਬੰਦ; ਕੌਮੀ ਇਨਸਾਫ਼ ਮੋਰਚੇ ਨੂੰ ਮਿਲਿਆ ਵੱਡਾ ਸਮਰਥਨ
ਚੰਡੀਗੜ੍ਹ, 20 ਅਗਸਤ 2026
ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ‘ਪੰਜਾਬ ਬੰਦ’ ਦੇ ਸੱਦੇ ਨੂੰ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਦਿੱਤਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਬੰਦ ਦੇ ਹੱਕ ਵਿੱਚ ਫ਼ੈਸਲਾ ਲੈਂਦਿਆਂ 21 ਅਗਸਤ ਨੂੰ ਆਪਣੇ ਮੁੱਖ ਦਫ਼ਤਰ ਸਮੇਤ ਸਬੰਧਤ ਅਦਾਰੇ ਬੰਦ ਰੱਖਣ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਅਕਾਲੀ ਦਲ ‘ਵਾਰਿਸ ਪੰਜਾਬ ਦੇ’, ਦਲ ਖ਼ਾਲਸਾ, ਹਵਾਰਾ ਕਮੇਟੀ, ਮਾਨ ਦਲ ਅਤੇ ਹੋਰ ਪੰਥਕ ਜਥੇਬੰਦੀਆਂ ਨੇ ਵੀ ਬੰਦ ਦਾ ਸਮਰਥਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਆਗੂਆਂ ਨੇ ਲੋਕਾਂ ਨੂੰ ਦੁਪਹਿਰ 2 ਵਜੇ ਤੱਕ ਕਾਰੋਬਾਰ ਅਤੇ ਵਪਾਰਕ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ।
ਹਾਲਾਂਕਿ ਜ਼ਰੂਰੀ ਸੇਵਾਵਾਂ, ਸਿਹਤ ਸੇਵਾਵਾਂ ਅਤੇ ਵਿਆਹ ਸਮਾਗਮਾਂ ਨੂੰ ਬੰਦ ਤੋਂ ਛੋਟ ਦੇਣ ਦੀ ਗੱਲ ਆਖੀ ਗਈ ਹੈ। ਦੱਸਣਯੋਗ ਹੈ ਕਿ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਗਵਰਨਰ ਹਾਊਸ ਵੱਲ ਮਾਰਚ ਦੌਰਾਨ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਲਾਠੀਚਾਰਜ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ ਸੀ।
ਇਸ ਘਟਨਾ ਮਗਰੋਂ ਕੌਮੀ ਇਨਸਾਫ਼ ਮੋਰਚੇ ਨੇ 21 ਅਗਸਤ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ।





