ਵੱਡੀ ਖ਼ਬਰ: ਨਗਰ ਪਾਲਿਕਾ ਦਾ ਸਕੱਤਰ ਮੁਅੱਤਲ, ਮੁੱਖ ਮੰਤਰੀ ਨੇ ਲਿਆ ਸਖ਼ਤ ਐਕਸ਼ਨ
ਚੰਡੀਗੜ੍ਹ, 21 ਅਗਸਤ 2026
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਾਪਰਟੀ ID ਨਾਲ ਜੁੜੀ ਇੱਕ ਸ਼ਿਕਾਇਤ ਦੇ ਮਾਮਲੇ ਵਿੱਚ ਪਿਹੋਵਾ ਨਗਰ ਪਾਲਿਕਾ ਦੇ ਸਕੱਤਰ ਅਸ਼ੋਕ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਸਰਕਾਰ ਵੱਲੋਂ ਇਹ ਕਾਰਵਾਈ ਮੁੱਖ ਮੰਤਰੀ ਦੇ ਉਨ੍ਹਾਂ ਨਿਰਦੇਸ਼ਾਂ ਤੋਂ ਇੱਕ ਦਿਨ ਬਾਅਦ ਕੀਤੀ ਗਈ ਹੈ, ਜਿਨ੍ਹਾਂ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਪ੍ਰਾਪਰਟੀ ID ਸਬੰਧੀ ਸਮੱਸਿਆਵਾਂ ਦਾ ਹੱਲ ਸਥਾਨਕ ਪੱਧਰ ’ਤੇ ਹੀ ਕਰਨ ਦੇ ਸਖ਼ਤ ਹੁਕਮ ਦਿੱਤੇ ਸਨ।
ਮੁੱਖ ਮੰਤਰੀ ਨੇ ਬੁੱਧਵਾਰ ਨੂੰ ਸੂਬੇ ਭਰ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਸੀ ਕਿ ਕਿਸੇ ਵੀ ਵਿਅਕਤੀ ਨੂੰ ਪ੍ਰਾਪਰਟੀ ID ਨਾਲ ਸਬੰਧਤ ਸਮੱਸਿਆ ਲੈ ਕੇ ਉਨ੍ਹਾਂ ਕੋਲ ਆਉਣ ਦੀ ਲੋੜ ਨਾ ਪਵੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਸਬੰਧਤ ਪੱਧਰ ’ਤੇ ਤੁਰੰਤ ਯਕੀਨੀ ਬਣਾਇਆ ਜਾਵੇ।
ਇਨ੍ਹਾਂ ਨਿਰਦੇਸ਼ਾਂ ਦੇ ਅਗਲੇ ਹੀ ਦਿਨ ਪਿਹੋਵਾ ਤੋਂ ਪ੍ਰਾਪਰਟੀ ID ਸਬੰਧੀ ਸ਼ਿਕਾਇਤ ਸਾਹਮਣੇ ਆਉਣ ’ਤੇ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ। ਸ਼ਹਿਰੀ ਸਥਾਨਕ ਸਰਕਾਰ ਵਿਭਾਗ, ਹਰਿਆਣਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਨਗਰ ਪਾਲਿਕਾ ਪਿਹੋਵਾ ਦੇ ਸਕੱਤਰ ਅਸ਼ੋਕ ਕੁਮਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਮੁਅੱਤਲੀ ਦੀ ਮਿਆਦ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਸ਼ਹਿਰੀ ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟੋਰੇਟ, ਪੰਚਕੂਲਾ ਵਿਖੇ ਨਿਰਧਾਰਤ ਕੀਤਾ ਗਿਆ ਹੈ। ਸਰਕਾਰ ਦੀ ਇਸ ਕਾਰਵਾਈ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਲਾਪਰਵਾਹੀ ਪ੍ਰਤੀ ਸਖ਼ਤ ਰੁਖ ਵਜੋਂ ਦੇਖਿਆ ਜਾ ਰਿਹਾ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹੋਈ ਇਹ ਕਾਰਵਾਈ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਦਾ ਸਪੱਸ਼ਟ ਸੰਦੇਸ਼ ਦਿੰਦੀ ਹੈ।





