ਪੰਜਾਬ ਸਰਕਾਰ ਨੂੰ DA ਮਾਮਲੇ ’ਚ ਹਾਈਕੋਰਟ ਦਾ ਨੋਟਿਸ, 31 ਅਗਸਤ ਤੱਕ ਦੇਣਾ ਹੋਵੇਗਾ ਜਵਾਬ

Top Trending News ਪੰਜਾਬ

  • ਪੰਜਾਬ ਸਰਕਾਰ ਨੂੰ DA ਮਾਮਲੇ ’ਚ ਹਾਈਕੋਰਟ ਦਾ ਨੋਟਿਸ, 31 ਅਗਸਤ ਤੱਕ ਦੇਣਾ ਹੋਵੇਗਾ ਜਵਾਬ

ਚੰਡੀਗੜ੍ਹ, 21 ਅਗਸਤ (ਦੇਸ਼ ਕਲਿੱਕ ਬਿਊਰੋ) – ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਦੀ ਅਦਾਇਗੀ ਨਾ ਹੋਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਸਰਕਾਰ ਵੱਲੋਂ ਅਦਾਲਤ ਦੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ਸਬੰਧੀ ਦਾਇਰ ਕੀਤੀ ਗਈ ਅਵਮਾਨਨਾ ਪਟੀਸ਼ਨ ’ਤੇ ਜਾਰੀ ਕੀਤਾ ਗਿਆ ਹੈ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਕੋਲ ਪਾਲਣਾ ਰਿਪੋਰਟ ਪੇਸ਼ ਕਰਨ ਲਈ 31 ਅਗਸਤ 2026 ਤੱਕ ਦਾ ਸਮਾਂ ਹੈ। ਮਾਮਲੇ ਦੀ ਅਗਲੀ ਸੁਣਵਾਈ 27 ਅਕਤੂਬਰ 2026 ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਪਹਿਲਾਂ ਸਿੰਗਲ ਬੈਂਚ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀਆਂ ਅਪੀਲਾਂ ਖਾਰਜ ਕਰ ਦਿੱਤੀਆਂ ਸਨ, ਜਿਸ ਵਿੱਚ ਪੰਜਾਬ ਸਰਕਾਰ ਨੂੰ ਲੰਬਿਤ DA ਦੀਆਂ ਕਿਸ਼ਤਾਂ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਅਦਾਲਤ ਨੇ ਸਰਕਾਰ ਨੂੰ ਵੱਡੇ DA ਬਕਾਏ ਨਿਰਧਾਰਤ ਸਮੇਂ ਅੰਦਰ ਅਦਾ ਕਰਨ ਅਤੇ ਬਕਾਏ ਦੀ ਅਦਾਇਗੀ ਹੋਣ ਤੱਕ ਵੱਡੇ ਪੱਧਰ ’ਤੇ ਗੈਰ-ਜ਼ਰੂਰੀ ਇਸ਼ਤਿਹਾਰਬਾਜ਼ੀ ਤੇ ਪ੍ਰਚਾਰ ਮੁਹਿੰਮਾਂ ’ਤੇ ਵੀ ਰੋਕ ਲਗਾਈ ਸੀ।

ਇਸ ਦੌਰਾਨ ਵਿੱਤੀ ਦਬਾਅ ਦਾ ਸਾਹਮਣਾ ਕਰ ਰਹੀ ਪੰਜਾਬ ਸਰਕਾਰ ਬਕਾਏ ’ਤੇ 6 ਫੀਸਦੀ ਵਿਆਜ ਸਮੇਤ ਅਦਾਇਗੀ ਵਰਗੇ ਵਿਕਲਪਾਂ ’ਤੇ ਵਿਚਾਰ ਕਰ ਰਹੀ ਹੈ। ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਵੀ ਬਕਾਏ ਦੀ ਅਦਾਇਗੀ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ।