- ਸਾਬਕਾ ਜਸਟਿਸ 5 ਕਰੋੜ ਦੀ ਕਥਿਤ ਰਿਸ਼ਵਤ ਦੇ ਦੋਸ਼ਾਂ ਦੇ ਸਬੂਤ ਪੇਸ਼ ਕਰਨ: ਪੰਜਾਬ CM ਦੀ ਪਤਨੀ ਡਾ. ਗੁਰਪ੍ਰੀਤ ਕੌਰ
ਚੰਡੀਗੜ੍ਹ, 23 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਰੇਪ ਕੇਸ ਨੂੰ ਦਬਾਉਣ ਦੇ ਬਦਲੇ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਦੇ ਲੱਗੇ ਦੋਸ਼ਾਂ ਨੂੰ ਲੈ ਕੇ ਉਹ ਪਹਿਲੀ ਵਾਰ ਕੈਮਰੇ ਸਾਹਮਣੇ ਆਈ ਹੈ। ਉਨ੍ਹਾਂ ਨੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਕਿਹਾ ਕਿ ਉਹ ਨਾ ਪਹਿਲਾਂ ਘਬਰਾਈ ਸੀ ਅਤੇ ਨਾ ਹੀ ਹੁਣ ਘਬਰਾਉਂਦੀ ਹੈ। ਪਟਿਆਲਾ ਵਿੱਚ ਗੱਲਬਾਤ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਕਿਸੇ ਵੀ ਵਿਅਕਤੀ ’ਤੇ ਦੋਸ਼ ਲਗਾਉਣਾ ਅਤੇ ਬੇਬੁਨਿਆਦ ਗੱਲਾਂ ਕਰਨਾ ਆਸਾਨ ਹੈ, ਪਰ ਦੋਸ਼ ਲਗਾਉਣ ਵਾਲਿਆਂ ਨੂੰ ਆਪਣੇ ਇਲਜ਼ਾਮ ਸਾਬਤ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਦੋਸ਼ਾਂ ਦਾ ਡਟ ਕੇ ਸਾਹਮਣਾ ਕਰਨ ਲਈ ਤਿਆਰ ਹਨ।
ਡਾ. ਗੁਰਪ੍ਰੀਤ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਰਿਟਾਇਰਡ ਜੱਜ ਰਣਜੀਤ ਸਿੰਘ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਆਪਣੇ ਲਗਾਏ ਦੋਸ਼ਾਂ ਦੇ ਸਬੂਤ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਜੇਕਰ ਦੋਸ਼ ਸਾਬਤ ਨਾ ਕੀਤੇ ਗਏ ਤਾਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਪਿਛਲੇ ਹਫ਼ਤੇ ਰਿਟਾਇਰਡ ਜੱਜ ਰਣਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਨੇ ਕਥਿਤ ਤੌਰ ’ਤੇ ਇੱਕ ਰੇਪ ਮਾਮਲੇ ਦੇ ਦੋਸ਼ੀ ਤੋਂ 5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਨਾਲ ਹੀ ਇੱਕ ਕਾਰੋਬਾਰੀ ਖ਼ਿਲਾਫ਼ ਦਰਜ ਮਾਮਲਾ ਰੱਦ ਕਰਵਾਉਣ ਵਿੱਚ ਮਦਦ ਕਰਨ ਦਾ ਕਥਿਤ ਪ੍ਰਸਤਾਵ ਦਿੱਤਾ ਗਿਆ ਸੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਸੀ ਕਿ ਡਾ. ਗੁਰਪ੍ਰੀਤ ਕੌਰ ਦਾ ਇੱਕ ਕਰੀਬੀ ਰਿਸ਼ਤੇਦਾਰ ਮੁਲਜ਼ਮ ਦੇ ਸੰਪਰਕ ਵਿੱਚ ਸੀ ਅਤੇ ਉਸ ’ਤੇ ਪੈਸੇ ਦੇਣ ਲਈ ਦਬਾਅ ਬਣਾਇਆ ਜਾ ਰਿਹਾ ਸੀ।
ਡਾ. ਗੁਰਪ੍ਰੀਤ ਕੌਰ ਵੱਲੋਂ ਰਿਟਾਇਰਡ ਜੱਜ ਰਣਜੀਤ ਸਿੰਘ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਜਾ ਚੁੱਕਾ ਹੈ। ਨੋਟਿਸ ਵਿੱਚ 5 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਮੰਗਣ ਅਤੇ ਰੇਪ ਕੇਸ ਨੂੰ ਦਬਾਉਣ ਦੇ ਦੋਸ਼ਾਂ ਨੂੰ ਝੂਠਾ, ਬੇਬੁਨਿਆਦ ਅਤੇ ਰਾਜਨੀਤਿਕ ਮੰਸ਼ਾ ਤੋਂ ਪ੍ਰੇਰਿਤ ਦੱਸਿਆ ਗਿਆ ਹੈ। ਨੋਟਿਸ ਰਾਹੀਂ ਰਿਟਾਇਰਡ ਜੱਜ ਨੂੰ ਆਪਣੇ ਬਿਆਨ ਵਾਪਸ ਲੈਣ ਅਤੇ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ 24 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ। ਨਿਰਧਾਰਤ ਸਮੇਂ ਵਿੱਚ ਮੁਆਫ਼ੀ ਨਾ ਮੰਗਣ ਦੀ ਸੂਰਤ ਵਿੱਚ ਅਪਰਾਧਿਕ ਮਾਨਹਾਨੀ ਸਮੇਤ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।
ਦੂਜੇ ਪਾਸੇ, ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ‘ਲੀਗਲ ਰਾਈਟਸ ਆਬਜ਼ਰਵੇਟਰੀ’ ਦੀ ਸ਼ਿਕਾਇਤ ’ਤੇ ਮਾਮਲੇ ਦਾ ਨੋਟਿਸ ਲਿਆ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ DGP ਨੂੰ ਦੋਸ਼ਾਂ ਦੀ ਨਿਰਪੱਖ ਜਾਂਚ ਕਰਕੇ 2 ਹਫ਼ਤਿਆਂ ਅੰਦਰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਕਿਹਾ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਪਹਿਲੀ ਨਜ਼ਰ ਵਿੱਚ ਕਥਿਤ ਪੀੜਤਾ ਦੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਹਾਲਾਂਕਿ ਮਾਮਲੇ ਵਿੱਚ ਸਾਰੇ ਦੋਸ਼ਾਂ ਦੀ ਸੱਚਾਈ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਵੇਗੀ।





