- ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ 25 ਸਾਲਾ ਵਕੀਲ ਦੀ ਮੌਤ
ਬਰਨਾਲਾ, 24 ਅਗਸਤ (ਦੇਸ਼ ਕਲਿੱਕ ਬਿਊਰੋ): ਬਰਨਾਲਾ ਜ਼ਿਲ੍ਹੇ ਦੇ ਪਿੰਡ ਭੋਤਨਾ ਵਿੱਚ ਇੱਕ ਨਵੀਂ ਬਣ ਰਹੀ ਇਮਾਰਤ ਦੀ ਉੱਪਰਲੀ ਮੰਜ਼ਿਲ ’ਤੇ ਕੰਮ ਦੌਰਾਨ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਨੌਜਵਾਨ ਵਕੀਲ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਮਨਪ੍ਰੀਤ ਸਿੰਘ ਵਾਸੀ ਪਿੰਡ ਕੈਰੇ ਵਜੋਂ ਹੋਈ ਹੈ।
ਮਨਪ੍ਰੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਮਾਤਮ ਛਾ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਬਰਨਾਲਾ ਅਤੇ ਬਠਿੰਡਾ ਦੇ ਵਕੀਲ ਭਾਈਚਾਰੇ ਵੱਲੋਂ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਜਿਸ ਇਮਾਰਤ ’ਤੇ ਇਹ ਹਾਦਸਾ ਵਾਪਰਿਆ, ਉਹ ਨਵੀਂ ਬਣ ਰਹੀ ਬਿਲਡਿੰਗ ਦੱਸੀ ਜਾ ਰਹੀ ਹੈ। ਇਸ ਸਬੰਧੀ ਬਿਲਡਿੰਗ ਮਾਲਕਾਂ ਨੇ ਆਪਣੇ ਉੱਪਰ ਲੱਗ ਰਹੇ ਦੋਸ਼ਾਂ ਨੂੰ ਨਕਾਰਿਆ ਹੈ ਅਤੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਵੀ ਦੂਰੀ ਬਣਾਈ ਰੱਖੀ।
ਦੂਜੇ ਪਾਸੇ, ਥਾਣਾ ਟੱਲੇਵਾਲ ਦੀ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਦੇ ਲੋਕ ਵੀ ਥਾਣੇ ਪਹੁੰਚੇ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।





