BREAKING- ਮੀਟਿੰਗ ’ਚ ਨਹੀਂ ਪਹੁੰਚੇ DC ਤੇ ਪੁਲਿਸ ਕਮਿਸ਼ਨਰ, ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ
ਜਲੰਧਰ, 24 ਅਗਸਤ 2026: ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੀ ਗੈਰਹਾਜ਼ਰੀ ’ਤੇ ਸਵਾਲ ਖੜ੍ਹੇ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਰਵਾਈ ਜਾਂਦੀ ਇਸ ਮੀਟਿੰਗ ਵਿੱਚ ਸੰਸਦ ਮੈਂਬਰਾਂ ਨਾਲ ਵਿਕਾਸ ਕਾਰਜਾਂ ਅਤੇ ਕੇਂਦਰੀ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਹੁੰਦਾ ਹੈ, ਪਰ ਅਹਿਮ ਮੀਟਿੰਗ ਵਿੱਚ ਸੀਨੀਅਰ ਅਧਿਕਾਰੀਆਂ ਦੀ ਥਾਂ ਜੂਨੀਅਰ ਅਧਿਕਾਰੀਆਂ ਨੂੰ ਭੇਜਿਆ ਗਿਆ।
ਚੰਨੀ ਨੇ ਸ਼ਹਿਰ ਦੀ ਮਾੜੀ ਸਫ਼ਾਈ ਵਿਵਸਥਾ, ਥਾਂ-ਥਾਂ ਲੱਗੇ ਕੂੜੇ ਦੇ ਢੇਰ, ਪਾਣੀ ਦੀ ਕਿੱਲਤ ਅਤੇ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਫ਼ਾਈ ਲਈ 608 ਕਰੋੜ ਰੁਪਏ ਦਾ ਅੱਠ ਸਾਲਾ ਠੇਕਾ ਦੇਣ ਦੀ ਗੱਲ ਕੀਤੀ ਗਈ ਹੈ, ਪਰ ਟੈਂਡਰ ਪ੍ਰਕਿਰਿਆ ਅਜੇ ਪੂਰੀ ਨਹੀਂ ਹੋਈ।
ਸੰਸਦ ਮੈਂਬਰ ਨੇ ਆਦਮਪੁਰ ਦੀ ਸੜਕ, ਓਵਰਬ੍ਰਿਜ ਅਤੇ ਡਰੇਨੇਜ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਵਿੱਚ ਦੇਰੀ ’ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਜੇਕਰ ਸੋਮਵਾਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਵੀ ਅਧਿਕਾਰੀ ਹਾਜ਼ਰ ਨਾ ਹੋਏ ਤਾਂ ਉਹ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਣਗੇ।
ਚੰਨੀ ਨੇ ਪੰਜਾਬ ਸਰਕਾਰ ’ਤੇ ਕਰਮਚਾਰੀਆਂ ਦੀਆਂ ਤਨਖਾਹਾਂ, ਪੈਨਸ਼ਨਾਂ ਅਤੇ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਘਾਟ ਦਾ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੀ ਤਿੱਖੇ ਸਿਆਸੀ ਹਮਲੇ ਕੀਤੇ।





