ਨਰਸਿੰਗ ਦੀ 19 ਸਾਲਾ ਵਿਦਿਆਰਥਣ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ
ਨਵੀਂ ਦਿੱਲੀ, 24 ਅਗਸਤ 2026
ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਬੀ.ਐੱਸ.ਸੀ. ਨਰਸਿੰਗ ਦੀ ਤੀਜੇ ਸਾਲ ਦੀ ਪੜ੍ਹਾਈ ਕਰ ਰਹੀ 19 ਸਾਲਾ ਵਿਦਿਆਰਥਣ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ੁੱਕਰਵਾਰ ਰਾਤ ਹਸਪਤਾਲ ਦੇ ਹੋਸਟਲ ਵਿੱਚ ਵਾਪਰੀ। ਵਿਦਿਆਰਥਣ ਹੋਸਟਲ ਦੇ ਕਮਰੇ ਵਿੱਚ ਬੇਹੋਸ਼ ਹਾਲਤ ਵਿੱਚ ਮਿਲੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮੱਧ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰੋਹਿਤ ਰਾਜਬੀਰ ਸਿੰਘ ਮੁਤਾਬਕ, ਘਟਨਾ ਦੀ ਸੂਚਨਾ ਮਿਲਦਿਆਂ ਹੀ ਰਾਜਿੰਦਰ ਨਗਰ ਥਾਣੇ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਪੁਲਿਸ ਵਿਚ ਅਤੇ ਕ੍ਰਾਈਮ ਟੀਮ ਵੱਲੋਂ ਘਟਨਾ ਸਥਾਨ ਦੀ ਜਾਂਚ ਕਰਦਿਆਂ ਜ਼ਰੂਰੀ ਸਬੂਤ ਇਕੱਠੇ ਕੀਤੇ ਗਏ ਹਨ।
ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹੋਸਟਲ ਵਿੱਚ ਰਹਿੰਦੇ ਹੋਰ ਵਿਦਿਆਰਥੀਆਂ ਅਤੇ ਸਟਾਫ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ, ਤਾਂ ਜੋ ਮੌਤ ਦੇ ਕਾਰਨਾਂ ਬਾਰੇ ਪਤਾ ਲੱਗ ਸਕੇ। ਪੁਲਿਸ ਨੇ ਵਿਦਿਆਰਥਣ ਦੇ ਮੋਬਾਈਲ ਫੋਨ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।





