ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ : ਅਜੇਪਾਲ ਸਿੰਘ ਬਰਾੜ

Top Trending News ਪੰਜਾਬ

  • ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਮੰਨੇ : ਅਜੇਪਾਲ ਸਿੰਘ ਬਰਾੜ
  • ਮਿਸਲ ਸਤਲੁਜ ਪਾਰਟੀ ਵੱਲੋਂ ਮੁਲਾਜ਼ਮਾਂ ’ਤੇ ਲਾਠੀਚਾਰਜ ਦੀ ਨਿਖੇਧੀ

ਮੋਹਾਲੀ 24 ਅਗਸਤ, 2026 (ਦੇਸ਼ ਕਲਿੱਕ ਬਿਊਰੋ): ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਪਿੰਡ ਸਤੌਜ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ’ਤੇ ਪੰਜਾਬ ਸਰਕਾਰ ਵੱਲੋਂ ਕੀਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਆਪਣੇ ਹੱਕਾਂ ਅਤੇ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਬੁਲੰਦ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ ਅਤੇ ਸੂਬਾ ਸਰਕਾਰ ਵੱਲੋਂ ਅਜਿਹੇ ਹੱਕਾਂ ਨੂੰ ਦਬਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਬਰਾੜ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਸਰਕਾਰ ਲੋਕਾਂ ਦੀ ਆਵਾਜ਼ ਸੁਣੇ ਅਤੇ ਵਿਰੋਧ ਪ੍ਰਗਟ ਕਰਨ ਵਾਲਿਆਂ ਨਾਲ ਗਲਬਾਤ ਰਾਹੀਂ ਮਸਲਿਆਂ ਦਾ ਹੱਲ ਕਰੇ। ਉਨ੍ਹਾਂ ਕਿਹਾ ਕਿ ਸ਼ਾਂਤਮਈ ਰੋਸ ਰੈਲੀਆਂ ਨੂੰ ਲਾਠੀਚਾਰਜ ਜਾਂ ਸਰਕਾਰੀ ਤਾਕਤ ਨਾਲ ਦਬਾਉਣਾ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਅਨੁਕੂਲ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ’ਤੇ ਤੁਰੰਤ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਦੇ ਬਣਦੇ ਬਕਾਏ ਜਾਰੀ ਕਰਨੇ ਚਾਹੀਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਣ ਲਈ ਉਨ੍ਹਾਂ ਨਾਲ ਸਾਰਥਕ ਗੱਲਬਾਤ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

ਬਰਾੜ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ’ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਮੁਲਾਜ਼ਮਾਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਇਸ ਮੰਗ ਨੂੰ ਅਣਗੌਲਿਆ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੰਵੇਦਨਸ਼ੀਲ ਰਵੱਈਆ ਅਪਣਾਉਂਦਿਆਂ ਤੁਰੰਤ ਢੁਕਵੇਂ ਫ਼ੈਸਲੇ ਲੈਣੇ ਚਾਹੀਦੇ ਹਨ।