ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਰਾਜਾ ਵੜਿੰਗ ਨੇ ਕੀਤੀ ਹਮਾਇਤ
ਲੁਧਿਆਣਾ, 24 ਅਗਸਤ 2026: ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਤੌਰ ’ਤੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਰ ਵਿਅਕਤੀ ਨੂੰ ਪੈਰੋਲ ਦਾ ਅਧਿਕਾਰ ਮਿਲਣਾ ਚਾਹੀਦਾ ਹੈ।
ਰਾਜਾ ਵੜਿੰਗ ਲੁਧਿਆਣਾ ਦੇ ਤਿੰਨ ਨੰਬਰ ਡਵੀਜ਼ਨ ਚੌਕ ਨੇੜੇ ਸ਼ਹੀਦ ਰਾਧੇ ਸ਼ਾਮ ਮਲਹੋਤਰਾ ਦੀ 39ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦ ਰਾਧੇ ਸ਼ਾਮ ਮਲਹੋਤਰਾ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਦਾ ਸਮਰਥਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਕਥਿਤ ਤੌਰ ’ਤੇ ਪੈਸੇ ਲੈਣ ਸਬੰਧੀ ਲੱਗੇ ਦੋਸ਼ਾਂ ਬਾਰੇ ਵੜਿੰਗ ਨੇ ਕਿਹਾ ਕਿ ਇਹ ਮਾਮਲਾ ਗੰਭੀਰ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਜਲਦ ਹੀ ਲੁਧਿਆਣਾ ਵਿੱਚ ਜ਼ਿਲ੍ਹਾ ਦਫ਼ਤਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਗੁੱਟਬਾਜ਼ੀ ਹੋਣ ਦੀਆਂ ਚਰਚਾਵਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਕਾਂਗਰਸ ਇਕਜੁੱਟ ਹੈ। ਰਾਹੁਲ ਗਾਂਧੀ ਦੀ ਪੰਜਾਬ ਫੇਰੀ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਲਦ ਹੀ ਇਸ ਦਾ ਪ੍ਰੋਗਰਾਮ ਤੈਅ ਕੀਤਾ ਜਾਵੇਗਾ।





