ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ – ਗਿਆਨੀ ਕੁਲਦੀਪ ਸਿੰਘ ਗੜਗੱਜ

Top Trending News ਪੰਜਾਬ

  • ਨੌਜਵਾਨ ਨਸ਼ਿਆਂ ਨਹੀਂ, ਗੁਰਮਤਿ, ਵਿਦਿਆ ਤੇ ਖੇਡਾਂ ਦੇ ਰਾਹ ਤੁਰਨ – ਗਿਆਨੀ ਕੁਲਦੀਪ ਸਿੰਘ ਗੜਗੱਜ
  • ਕਿਹਾ; ਖਾਲਸਾ ਮਾਰਚ ਦਾ ਸੁਨੇਹਾ, ਗੁਰਬਾਣੀ ਨਾਲ ਜੁੜੋ, ਪੰਥ ਨੂੰ ਸਮਰਪਿਤ ਹੋਵੋ ਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹੋ
  • ਗੁਰੂ ਘਰ ਦੀਆਂ ਰਵਾਇਤਾਂ ’ਤੇ ਸਵਾਲ ਚੁੱਕਣ ਵਾਲੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੰਗਤ ਰਹੇ ਸੁਚੇਤ- ਐਡਵੋਕੇਟ ਧਾਮੀ
  • 29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਹਰ ਗੁਰਦੁਆਰੇ ਤੇ ਪਿੰਡ ਵਿੱਚ ਅਰਦਾਸ ਦੀ ਕੀਤੀ ਅਪੀਲ
  • ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਤੋਂ ਬਰਨਾਲਾ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ
  • ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਕੀਤਾ ਗਿਆ ਭਰਵਾਂ ਸਵਾਗਤ

ਭੀਖੀ/ਅੰਮ੍ਰਿਤਸਰ, 24 ਅਗਸਤ (ਦੇਸ਼ ਕਲਿੱਕ ਬਿਊਰੋ): ਖਾਲਸਾ ਮਾਰਚ ਗੁਰੂ ਸਾਹਿਬ ਦੇ ਉਪਦੇਸ਼ ਅਤੇ ਸਿੱਖ ਸਿਧਾਂਤ ਨੂੰ ਸੰਗਤ ਤੱਕ ਪਹੁੰਚਾਉਣ ਦਾ ਇੱਕ ਉਪਰਾਲਾ ਹੈ, ਜੋ ਸੰਗਤਾਂ ਨੂੰ ਆਪਣੇ ਮੂਲ ਗੁਰਬਾਣੀ ਨਾਲ ਜੁੜਨ, ਖਾਲਸਾ ਪੰਥ ਨੂੰ ਸਮਰਪਿਤ ਹੋਣ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਪ੍ਰੇਰਨਾ ਦੇ ਰਿਹਾ ਹੈ। ਇਹ ਪ੍ਰਗਟਾਵਾ ਮੀਰੀ ਪੀਰੀ ਖਾਲਸਾ ਮਾਰਚ ਦੀ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ ਜਿਥੇ ਪੰਥ ਵਿਰੋਧੀ ਤਾਕਤਾਂ ਸਿੱਖ ਸੰਸਥਾਵਾਂ ਨੂੰ ਚਨੌਤੀ ਦੇਣ ਦਾ ਯਤਨ ਕਰ ਰਹੀਆਂ ਹਨ, ਉਥੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਤੋਰਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ, ਨੌਜਵਾਨ ਨਸ਼ਿਆ ਦਾ ਤਿਆਗ ਕਰਕੇ ਖੇਡ ਮੈਦਾਨਾਂ ਵੱਲ ਆਉਣ ਜੋ ਸਾਡੀ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਨੂੰ ਇਹ ਵਿਸ਼ਵਾਸ ਦੇਣਾ ਪਵੇਗਾ ਕਿ ਪੰਜਾਬ ਵਿੱਚ ਰਹਿ ਕੇ ਵੀ ਉੱਚੀ ਵਿਦਿਆ ਹਾਸਲ ਕੀਤੀ ਜਾ ਸਕਦੀ ਹੈ ਅਤੇ ਮਿਹਨਤ ਨਾਲ ਜੀਵਨ ਵਿੱਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਜਾ ਸਕਦੀਆਂ ਹਨ। ਸਾਡੇ ਨੌਜਵਾਨਾਂ ਨੂੰ ਵਿਦਿਆ, ਹੁਨਰ, ਖੇਡਾਂ, ਮਿਹਨਤ ਅਤੇ ਗੁਰਮਤਿ ਨਾਲ ਜੋੜਨਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਸਿੱਖ ਪਰੰਪਰਾਵਾਂ ਅਤੇ ਗੁਰੂ ਕੀਆਂ ਗੋਲਕਾਂ ਤੇ ਸਵਾਲ ਚੁੱਕਣ ਵਾਲੀ ਸੋਚ ਨੂੰ ਵੀ ਢੁਕਵਾਂ ਜਵਾਬ ਦੇਣ। ਉਨ੍ਹਾਂ ਕਿਹਾ ਕਿ ਸਿੱਖ ਦੀ ਅਸਲ ਤਾਕਤ ਅਤੇ ਪਹਿਚਾਣ ਗੁਰੂ ਨਾਲ ਜੁੜਨ ਵਿੱਚ ਹੈ। ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਹਾਕਮ ਬਦਲਦੇ ਹਨ, ਕਾਨੂੰਨ ਅਤੇ ਨੀਤੀਆਂ ਵੀ ਬਦਲਦੀਆਂ ਰਹਿੰਦੀਆਂ ਹਨ, ਪਰ ਸਾਡਾ ਗੁਰੂ ਸਦੀਵੀ ਹੈ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਘਰ ਦੀਆਂ ਰਵਾਇਤਾਂ ਹਨ ਕਿ ਇਥੇ ਨਿਮਰਤਾ ਨਾਲ ਆਏ ਹਰ ਵਿਅਕਤੀ ਨੂੰ ਸਹਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤਾਂ ਸਮੇਂ ਜਦੋਂ ਸਰਕਾਰਾਂ ਵੀ ਹੱਥ ਖੜ੍ਹੇ ਕਰ ਗਈਆਂ ਸਨ ਤਾਂ ਸਿੱਖਾਂ ਨੇ ਗੁਰੂ ਬਖਸੇ਼ੇ ਸਿਧਾਂਤ ਤੇ ਪਹਿਰਾ ਦਿੰਦਿਆਂ ਗੁਰੂ ਕੀਆਂ ਗੋਲਕਾਂ ਤੋਂ ਪੀੜਤਾਂ ਦੀ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਸਾਡੀਆਂ ਇਹ ਰਵਾਇਤਾਂ ਪੰਥ ਵਿਰੋਧੀ ਸੋਚ ਰੱਖਣ ਵਾਲਿਆਂ ਨੂੰ ਰਾਸ ਨਹੀਂ ਆਉਂਦੀਆਂ ਤੇ ਉਹ ਗੁਰੂ ਘਰ ਦੀਆਂ ਗੋਲਕਾਂ ਤੇ ਸਵਾਲ ਕਰਦੇ ਹਨ।

ਉਨ੍ਹਾਂ ਸੰਗਤਾਂ ਨੂੰ ਅਜਿਹੀ ਸੋਚ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦਾ ਜਿਕਰ ਕਰਦਿਆਂ ਕਿਹਾ ਕਿ ਉਹ ਆਪਣੀਆਂ ਸਜ਼ਾਵਾਂ ਤੋਂ ਕਿਤੇ ਜ਼ਿਆਦਾ ਸਮਾਂ ਜੇਲ੍ਹਾਂ ਵਿਚ ਗੁਜਾਰ ਚੁੱਕੇ ਹਨ, ਜਿਨ੍ਹਾਂ ਦੀ ਰਿਹਾਈ ਦੀ ਮੰਗ ਪ੍ਰਤੀ ਸਰਕਾਰ ਦੀ ਨੀਤੀ ਵਿਤਕਰੇ ਵਾਲੀ ਹੈ। ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਂ ਨਾਲ ਮਿਲਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਬੰਦੀ ਸਿੰਘਾਂ ਦੀ ਚੜ੍ਹਦੀ ਕਲ੍ਹਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਿਆਂ ਵਿੱਚ 29 ਅਗਸਤ ਨੂੰ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾ ਕੇ ਅਰਦਾਸ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਹਰ ਪਿੰਡ ਵਿੱਚ ਵੀ 29 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇ। ਖਾਲਸਾ ਮਾਰਚ ਵਿੱਚ ਸ਼ਾਮਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਮਾਰਚ ਵਿੱਚ ਸ਼ਾਮਲ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਖਾਲਸਾ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿਣ ਲਈ ਪ੍ਰੇਰਿਆ।

ਖਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਗੁਰਬਾਣੀ ਕੀਰਤਨ ਹੋਇਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਸਿਧਾਂਤਾਂ ਅਤੇ ਸਿੱਖ ਇਤਿਹਾਸ ਦੀ ਸਾਂਝ ਪਾਈ। ਇਸ ਦੌਰਾਨ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਖਾਲਸਾ ਮਾਰਚ ਦੀ ਰਵਾਨਗੀ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ਸਾਹਿਬ ਵਿੱਚ ਸੁਸ਼ੋਬਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਨਿਭਾਈ। ਗੁਰਦੁਆਰਾ ਸਾਹਿਬ ਭੀਖੀ ਤੋਂ ਅੱਜ ਚਲੇ ਖਾਲਸਾ ਮਾਰਚ ਦਾ ਵੱਖ ਵੱਖ ਪੜਾਵਾਂ ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਵਿਸ਼ੇਸ਼ ਬੱਸ ਵਿਚ ਸ਼ਸ਼ੋਭਿਤ ਇਤਿਹਾਸਕ ਸ਼ਸਤਰਾਂ ਦੇ ਵੀ ਸੰਗਤ ਨੂੰ ਦਰਸ਼ਨ ਕਰਵਾਏ ਗਏ।

ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ, ਬਾਬਾ ਬੂਟਾ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ੍ਰੀ ਪ੍ਰੇਮ ਕੁਮਾਰ ਅਰੋੜਾ, ਸ. ਸਤਨਾਮ ਸਿੰਘ ਰਾਹੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਕਲਗੀਧਰ ਟਰੱਸਟ ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਸ. ਸੁਖਚੈਨ ਸਿੰਘ ਅਤਲਾ, ਸ. ਰੂਬਲ ਸਿੰਘ ਢਿੱਲੋਂ, ਸ. ਮੱਖਣ ਸਿੰਘ ਸਮਾਉਂ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਿਕਰਮ ਸਿੰਘ, ਬਾਬਾ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਕੁਲਵਿੰਦਰ ਸਿੰਘ, ਬਾਬਾ ਲਾਲ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠੀਕਰੀਵਾਲ, ਸ. ਜਸਬੀਰ ਸਿੰਘ, ਸ. ਹਰਭਗਵਾਨ ਸਿੰਘ, ਸ. ਸੰਦੀਪ ਸਿੰਘ ਕਲੋਤਾ, ਇੰਚਾਰਜ ਭੋਲਾ ਸਿੰਘ ਸਮੇਤ ਹੋਰ ਹਾਜ਼ਰ ਸਨ।