ਵੱਡੀ ਖ਼ਬਰ: ਭੋਗ ਸਮਾਗਮ ’ਚ ਸ਼ਾਮਲ ਹੋਣ ਆਏ ਨੌਜਵਾਨ ਨੂੰ ਪੱਟ ’ਚ ਮਾਰੀ ਗੋਲੀ, ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ

Top Trending News ਪੰਜਾਬ

 

ਵੱਡੀ ਖ਼ਬਰ: ਭੋਗ ਸਮਾਗਮ ’ਚ ਸ਼ਾਮਲ ਹੋਣ ਆਏ ਨੌਜਵਾਨ ਨੂੰ ਪੱਟ ’ਚ ਮਾਰੀ ਗੋਲੀ, ਲੁਟੇਰੇ ਮੋਟਰਸਾਈਕਲ ਖੋਹ ਕੇ ਫਰਾਰ

ਭਿੱਖੀਵਿੰਡ, 25 ਅਗਸਤ 2026- ਪਿੰਡ ਸੁਗੇ ਵਿੱਚ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਦੋ ਨੌਜਵਾਨਾਂ ਨੂੰ ਪਿਸਤੌਲ ਦੀ ਨੋਕ ’ਤੇ ਲੁੱਟਣ ਅਤੇ ਵਿਰੋਧ ਕਰਨ ’ਤੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਮਗਰੋਂ ਲੁਟੇਰੇ ਨੌਜਵਾਨਾਂ ਦਾ ਮੋਟਰਸਾਈਕਲ ਖੋਹ ਕੇ ਫਰਾਰ ਹੋ ਗਏ।

ਜ਼ਖ਼ਮੀ ਨੌਜਵਾਨ ਅਰਜਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁੱਲਾ ਮਹਿਰਾਮ ਨੇ ਦੱਸਿਆ ਕਿ ਉਹ ਆਪਣੇ ਸਾਥੀ ਰੁਪਿੰਦਰ ਸਿੰਘ ਨਾਲ ਪਿੰਡ ਸੁਗੇ ਵਿਖੇ ਭੋਗ ਵਿੱਚ ਸ਼ਾਮਲ ਹੋਣ ਲਈ ਆਇਆ ਸੀ। ਸਮਾਗਮ ਵਿੱਚ ਜਾਣ ਤੋਂ ਪਹਿਲਾਂ ਦੋਵੇਂ ਪਿੰਡ ਦੇ ਛੱਪੜ ਨੇੜੇ ਖੜ੍ਹੇ ਸਨ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੇ ਪਿਸਤੌਲ ਦੀ ਨੋਕ ’ਤੇ ਉਨ੍ਹਾਂ ਨੂੰ ਰੋਕ ਲਿਆ ਅਤੇ ਮੋਟਰਸਾਈਕਲ ਖੋਹਣ ਦੀ ਕੋਸ਼ਿਸ਼ ਕੀਤੀ।

ਅਰਜਨ ਸਿੰਘ ਮੁਤਾਬਕ, ਜਦੋਂ ਉਸ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਤਾਂ ਇੱਕ ਲੁਟੇਰੇ ਨੇ ਉਸ ਦੇ ਪੱਟ ਵਿੱਚ ਗੋਲੀ ਮਾਰ ਦਿੱਤੀ। ਇਸ ਤੋਂ ਬਾਅਦ ਦੋਵੇਂ ਲੁਟੇਰੇ ਉਸ ਦਾ ਮੋਟਰਸਾਈਕਲ ਲੈ ਕੇ ਫਰਾਰ ਹੋ ਗਏ। ਜ਼ਖ਼ਮੀ ਅਰਜਨ ਸਿੰਘ ਨੂੰ ਪਰਿਵਾਰਕ ਮੈਂਬਰਾਂ ਨੇ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਥਾਣਾ ਭਿੱਖੀਵਿੰਡ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਲੁਟੇਰਿਆਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਪੀੜਤਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।