ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਵਿੱਚ ਸਵਾਈਨ ਫਲੂ (H1N1) ਦੀ ਸਥਿਤੀ ਬਾਰੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਹੈ ਕਿ ਇਸ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਸਵਾਈਨ ਫਲੂ (H1N1) ਦਾ ਕੋਈ ਨਵਾਂ ਵੇਰੀਐਂਟ ਸਾਹਮਣੇ ਨਹੀਂ ਆਇਆ ਹੈ। ਇਹ ਪੁਰਾਣਾ ਵੇਰੀਐਂਟ ਹੀ ਹੈ ਅਤੇ ਇਸ ਨਾਲ ਹੋਣ ਵਾਲੀ ਬਿਮਾਰੀ ਮਾਈਲਡ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਲੋੜ ਤੋਂ ਘਬਰਾਉਣ ਜਾਂ ਪੈਨਿਕ ਵਿੱਚ ਆਉਣ ਦੀ ਬਜਾਏ ਸਾਵਧਾਨੀ ਵਰਤਣ।
ਡਾ. ਬਲਬੀਰ ਸਿੰਘ ਨੇ ਖਾਸ ਤੌਰ ’ਤੇ ਗਰਭਵਤੀ ਔਰਤਾਂ, ਬਜ਼ੁਰਗਾਂ ਅਤੇ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕ ਆਪਣੀ ਸਿਹਤ ਪ੍ਰਤੀ ਵਧੇਰੇ ਸਾਵਧਾਨ ਰਹਿਣ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਵਾਈਨ ਫਲੂ ਨਾਲ ਨਜਿੱਠਣ ਲਈ ਟੈਸਟਿੰਗ, ਦਵਾਈਆਂ ਅਤੇ ਇਲਾਜ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰੀ ਅਤੇ ਹੋਰ ਹਸਪਤਾਲਾਂ ਵਿੱਚ ਬੈੱਡਾਂ ਦੀ ਵੀ ਪੂਰੀ ਵਿਵਸਥਾ ਕੀਤੀ ਗਈ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸਥਿਤੀ ’ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਪੈਨਿਕ ਦੀ ਲੋੜ ਨਹੀਂ ਹੈ।





