Breaking- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਫ਼ਿਰੋਜ਼ਪੁਰ, 26 ਅਗਸਤ 2026- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁੰਚਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਸਾਵਧਾਨੀ ਵਜੋਂ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਦੀ ਇਮਾਰਤ ਵਿੱਚ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਹੋਰ ਸਟਾਫ਼ ਨੂੰ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਹੈ।
ਧਮਕੀ ਮਿਲਣ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ। ਕਰੀਬ 11.30 (AM) ਵਜੇ ਤੱਕ ਕੋਰਟ ਕੰਪਲੈਕਸ ਦੀ ਇਮਾਰਤ ਨੂੰ ਸੀਲ ਕਰ ਦਿੱਤਾ ਗਿਆ ਅਤੇ ਅੰਦਰ ਬੰਬ ਜਾਂ ਕਿਸੇ ਹੋਰ ਸ਼ੱਕੀ ਵਸਤੂ ਦੀ ਮੌਜੂਦਗੀ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।
ਸੁਰੱਖਿਆ ਦੇ ਮੱਦੇਨਜ਼ਰ ਕੋਰਟ ਕੰਪਲੈਕਸ ਦੇ ਆਲੇ-ਦੁਆਲੇ ਵੀ ਚੌਕਸੀ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਇਮਾਰਤ ਅਤੇ ਇਸ ਦੇ ਆਸ-ਪਾਸ ਦੇ ਖੇਤਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਬਰਾਉਣ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿੱਚ ਸਹਿਯੋਗ ਕਰਨ। ਤਲਾਸ਼ੀ ਮੁਹਿੰਮ ਪੂਰੀ ਹੋਣ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਕੋਰਟ ਕੰਪਲੈਕਸ ਨੂੰ ਖੋਲ੍ਹਣ ਸਬੰਧੀ ਫੈਸਲਾ ਲਿਆ ਜਾਵੇਗਾ।





