Punjab News: ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਤਿੰਨ ਦਿਨ ਬਾਅਦ ਤਲਾਬ ’ਚੋਂ ਮਿਲੀ ਲਾਸ਼
ਘਨੌਰ 28 ਅਗਸਤ 2026
ਘਨੌਰ ਅਧੀਨ ਪੈਂਦੇ ਪਿੰਡ ਨੌਗਾਵਾਂ ਵਿੱਚ ਇੱਕ ਮਜ਼ਦੂਰ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਵਿਜੇ ਕੁਮਾਰ ਵਜੋਂ ਹੋਈ ਹੈ। ਘਟਨਾ ਦੇ ਤਿੰਨ ਦਿਨ ਬਾਅਦ ਉਸ ਦੀ ਲਾਸ਼ ਪਿੰਡ ਦੇ ਹੀ ਇੱਕ ਤਲਾਬ ਵਿੱਚੋਂ ਬਰਾਮਦ ਕੀਤੀ ਗਈ। ਪਰਿਵਾਰਕ ਮੈਂਬਰਾਂ ਮੁਤਾਬਕ ਨੌਜਵਾਨ ਦੇ ਸਿਰ ਅਤੇ ਸਰੀਰ ’ਤੇ ਸੱਟਾਂ ਦੇ ਨਿਸ਼ਾਨ ਸਨ।
ਪਰਿਵਾਰ ਅਤੇ ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਵਿਜੇ ਕੁਮਾਰ ਦੀ ਪਹਿਲਾਂ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਕਤਲ ਕਰਕੇ ਲਾਸ਼ ਤਲਾਬ ਵਿੱਚ ਸੁੱਟ ਦਿੱਤੀ ਗਈ। ਉਨ੍ਹਾਂ ਪੁਲਿਸ ’ਤੇ ਨਾਮਜ਼ਦ ਮੁਲਜ਼ਮਾਂ ਨੂੰ ਬਚਾਉਣ ਅਤੇ ਮਾਮਲੇ ਨੂੰ ਖੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵੀ ਲਗਾਏ। ਇਸ ਮਾਮਲੇ ਨੂੰ ਲੈ ਕੇ ਪਿੰਡ ਵਾਸੀਆਂ ਨੇ ਧਰਮਸ਼ਾਲਾ ਵਿੱਚ ਇਕੱਠੇ ਹੋ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਥਾਣਾ ਸ਼ੰਭੂ ਦੇ ਮੁਖੀ ਸਵਰਨ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਅਤੇ ਮੰਗ ਦੇ ਆਧਾਰ ’ਤੇ ਨਿਯਮਾਂ ਅਨੁਸਾਰ ਪੋਸਟਮਾਰਟਮ ਕਰਵਾਇਆ ਗਿਆ ਅਤੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਮਾਮਲੇ ਵਿੱਚ ਐੱਸਸੀ/ਐੱਸਟੀ ਐਕਟ ਦੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ। ਖ਼ਬਰ ਲਿਖੇ ਜਾਣ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਸੀ।






