ਪੰਜਾਬ ਵਿੱਚ ਅੱਜ ਤੋਂ ਸ਼ੁਰੂ ਹੋਵੇਗਾ ‘ਮਿਸ਼ਨ ਕਲੀਨ ਪੰਜਾਬ’, 7 ਸਤੰਬਰ ਤੱਕ ਚੱਲੇਗਾ ਵਿਸ਼ੇਸ਼ ਸਫ਼ਾਈ ਅਭਿਆਨ
ਚੰਡੀਗੜ੍ਹ, 29 ਅਗਸਤ 2026
ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਬਣਾਉਣ ਅਤੇ ਕੂੜੇ ਦੇ ਢੇਰਾਂ ਵਾਲੀਆਂ ਥਾਵਾਂ ਨੂੰ ਖ਼ਤਮ ਕਰਨ ਲਈ ਅੱਜ 29 ਅਗਸਤ ਤੋਂ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਵਿਸ਼ੇਸ਼ ਸਫ਼ਾਈ ਅਭਿਆਨ 7 ਸਤੰਬਰ ਤੱਕ ਚੱਲੇਗਾ। ਇਸ ਦੌਰਾਨ ਕੈਬਨਿਟ ਮੰਤਰੀ, ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਰ ਰੋਜ਼ ਸਵੇਰੇ ਮੈਦਾਨ ਵਿੱਚ ਉਤਰ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।
ਸਰਕਾਰ ਦਾ ਮੁੱਖ ਧਿਆਨ ਕੂੜਾ ਇਕੱਠਾ ਹੋਣ ਵਾਲੀਆਂ ਸੰਵੇਦਨਸ਼ੀਲ ਥਾਵਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਉੱਥੇ ਮੁੜ ਕੂੜਾ ਨਾ ਸੁੱਟਿਆ ਜਾਵੇ, ਇਸ ਲਈ ਢੁੱਕਵੇਂ ਪ੍ਰਬੰਧ ਕਰਨ ’ਤੇ ਰਹੇਗਾ। ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਐੱਮ-ਸੇਵਾ ਐਪ ਰਾਹੀਂ ਆਪਣੇ ਇਲਾਕੇ ਵਿੱਚ ਗੰਦਗੀ ਦੀਆਂ ਤਸਵੀਰਾਂ ਭੇਜ ਕੇ ਸ਼ਿਕਾਇਤ ਦਰਜ ਕਰਵਾਉਣ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਅੱਜ 29 ਅਗਸਤ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੰਗਲ ਵਿੱਚ ਇਸ ਅਭਿਆਨ ਦੀ ਸ਼ੁਰੂਆਤ ਕਰਨਗੇ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨਕੋਦਰ ਚੌਕ ਨੇੜੇ ਚੱਲ ਰਹੇ ਸਫ਼ਾਈ ਅਭਿਆਨ ਵਿੱਚ ਸ਼ਾਮਲ ਹੋਣਗੇ, ਜਦਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦੇ ਥਾਪਰ ਚੌਕ ਤੋਂ ਸਫ਼ਾਈ ਮੁਹਿੰਮ ਵਿੱਚ ਹਿੱਸਾ ਲੈਣਗੇ।






