ਅੰਮ੍ਰਿਤਸਰ: ਕਿਸਾਨ ਦੇ ਖੇਤਾਂ ’ਚੋਂ 3 ਪੈਕੇਟ ਹੈਰੋਇਨ ਬਰਾਮਦ
ਅਜਨਾਲਾ/ਗੱਗੋਮਾਹਲ (ਅੰਮ੍ਰਿਤਸਰ), 30 ਅਗਸਤ 2026: ਪਿੰਡ ਸੂਫੀਆਂ ਦੇ ਇੱਕ ਕਿਸਾਨ ਦੇ ਖੇਤਾਂ ਵਿੱਚੋਂ ਥਾਣਾ ਰਮਦਾਸ ਪੁਲਿਸ ਅਤੇ ਬੀਐਸਐਫ ਨੇ ਸਾਂਝੀ ਕਾਰਵਾਈ ਕਰਦਿਆਂ ਤਿੰਨ ਪੈਕੇਟ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਬਰਾਮਦਗੀ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰਮਦਾਸ ਦੇ ਐਸਐਚਓ ਸਬ-ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਜਿਸ ਥਾਂ ਤੋਂ ਹੈਰੋਇਨ ਦੇ ਪੈਕੇਟ ਬਰਾਮਦ ਕੀਤੇ ਗਏ ਹਨ, ਉਸੇ ਸਥਾਨ ਤੋਂ ਇਸੇ ਮਹੀਨੇ ਦੀ 2 ਅਗਸਤ ਨੂੰ ਵੀ 10 ਕਿਲੋ ਹੈਰੋਇਨ ਬਰਾਮਦ ਹੋਈ ਸੀ।
ਉਨ੍ਹਾਂ ਦੱਸਿਆ ਕਿ 2 ਅਗਸਤ ਨੂੰ ਹੋਈ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਕਥਿਤ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਤੌਰ ’ਤੇ ਇਸ ਪੂਰੇ ਖੇਤਰ ਵਿੱਚ ਲਗਾਤਾਰ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।
ਅਧਿਕਾਰੀਆਂ ਮੁਤਾਬਕ ਖੇਤਾਂ ਅਤੇ ਸਰਹੱਦੀ ਇਲਾਕੇ ਨਾਲ ਲੱਗਦੇ ਹੋਰ ਸ਼ੱਕੀ ਸਥਾਨਾਂ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।






