ਭਾਰਤ ਵੱਲੋਂ 25 ਪਾਕਿਸਤਾਨੀ ਕੈਦੀਆਂ ਦੀ ਰਿਹਾਈ, ਅਟਾਰੀ ਸਰਹੱਦ ਰਾਹੀਂ ਭੇਜੇ ਵਤਨ
ਅਟਾਰੀ ਸਰਹੱਦ (ਅੰਮ੍ਰਿਤਸਰ), 30 ਅਗਸਤ 2026: ਭਾਰਤ ਸਰਕਾਰ ਨੇ ਭਾਰਤ-ਪਾਕਿਸਤਾਨ ਵੰਡ ਸਮੇਂ ਦੋਵੇਂ ਦੇਸ਼ਾਂ ਦਰਮਿਆਨ ਹੋਏ ਕੌਮਾਂਤਰੀ ਸਮਝੌਤਿਆਂ ਤਹਿਤ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 25 ਪਾਕਿਸਤਾਨੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ। ਰਿਹਾਅ ਕੀਤੇ ਗਏ ਸਾਰੇ ਕੈਦੀਆਂ ਨੂੰ ਦੇਰ ਸ਼ਾਮ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਭੇਜਿਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਭਾਰਤ ਸਰਕਾਰ ਵੱਲੋਂ ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਦੀ ਰਿਹਾਈ ਦੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਉਨ੍ਹਾਂ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਅਟਾਰੀ ਸਰਹੱਦ ’ਤੇ ਲਿਆਂਦਾ ਗਿਆ। ਇੱਥੇ ਲੋੜੀਂਦੀ ਕਾਗਜ਼ੀ ਕਾਰਵਾਈ ਅਤੇ ਜਾਂਚ-ਪੜਤਾਲ ਤੋਂ ਬਾਅਦ ਉਨ੍ਹਾਂ ਨੂੰ ਪਾਕਿਸਤਾਨੀ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਸਮੇਂ-ਸਮੇਂ ’ਤੇ ਦੋਵੇਂ ਦੇਸ਼ਾਂ ਦੀਆਂ ਜੇਲ੍ਹਾਂ ਵਿੱਚ ਬੰਦ ਨਾਗਰਿਕਾਂ ਅਤੇ ਮਛੇਰਿਆਂ ਦੀ ਸੂਚੀ ਦਾ ਆਦਾਨ-ਪ੍ਰਦਾਨ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਮਨੁੱਖੀ ਆਧਾਰ ’ਤੇ ਕੈਦੀਆਂ ਦੀ ਰਿਹਾਈ ਅਤੇ ਵਤਨ ਵਾਪਸੀ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਜਾਂਦੀ ਹੈ। ਅਟਾਰੀ ਸਰਹੱਦ ਰਾਹੀਂ ਪਾਕਿਸਤਾਨੀ ਕੈਦੀਆਂ ਦੀ ਰਿਹਾਈ ਦੌਰਾਨ ਸੁਰੱਖਿਆ ਏਜੰਸੀਆਂ ਅਤੇ ਸਬੰਧਤ ਵਿਭਾਗਾਂ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ।
25 ਕੈਦੀਆਂ ਦੇ ਪਾਕਿਸਤਾਨ ਪਹੁੰਚਣ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਰਾਹਤ ਮਿਲਣ ਦੀ ਉਮੀਦ ਹੈ। ਹਾਲਾਂਕਿ, ਰਿਹਾਅ ਕੀਤੇ ਗਏ ਇਨ੍ਹਾਂ ਕੈਦੀਆਂ ਦੀ ਪਛਾਣ, ਉਨ੍ਹਾਂ ਦੀ ਸਜ਼ਾ ਅਤੇ ਕਿਹੜੀਆਂ ਜੇਲ੍ਹਾਂ ਵਿੱਚ ਉਹ ਬੰਦ ਸਨ, ਸਬੰਧੀ ਵਿਸਥਾਰਤ ਜਾਣਕਾਰੀ ਇਸ ਮੌਕੇ ਉਪਲਬਧ ਨਹੀਂ ਕਰਵਾਈ ਗਈ।






