ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Top Trending News ਪੰਜਾਬ

 

ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਿਲਾਈ ਸੈਂਟਰ ਦਾ ਦੌਰਾ ਕਰਕੇ ਧੀਆਂ ਨੂੰ ਸਵੈ-ਰੁਜ਼ਗਾਰ ਲਈ ਕੀਤਾ ਪ੍ਰੇਰਿਤ

ਦਿੜ੍ਹਬਾ, 31 ਅਗਸਤ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮਜ਼ਬੂਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਮਹਿਲਾਵਾਂ ਨੂੰ ਹੁਨਰਮੰਦ ਬਣਾ ਕੇ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਢੰਡੋਲੀ ਕਲਾਂ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਜਾਇਜ਼ਾ ਲੈਣ ਮੌਕੇ ਕੀਤਾ।

ਕੈਬਨਿਟ ਮੰਤਰੀ ਨੇ ਇਲਾਕੇ ਵਿੱਚ ਬਿਜਲੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਲਈ ਪਿੰਡ ਵਿਖੇ 05 ਕਰੋੜ ਰੁਪਏ ਦੀ ਲਾਗਤ ਨਾਲ 66 ਕੇ.ਵੀ. ਗਰਿੱਡ ਸਬ-ਸਟੇਸ਼ਨ ਸਥਾਪਤ ਕਰਨ ਅਤੇ ਪਿੰਡ ਵਾਸੀਆਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 01 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਣੀ ਵਾਲੀ ਟੈਂਕੀ ਬਣਾਉਣ ਦੇ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਚੀਮਾ ਨੇ ਦੱਸਿਆ ਕਿ ਢੰਡੋਲੀ ਕਲਾਂ ਤੋਂ ਰੋਗਲਾ ਤੱਕ 4 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ‘ਤੇ 2 ਕਰੋੜ 60 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਅਗਲੇ 10 ਤੋਂ 15 ਦਿਨਾਂ ਅੰਦਰ ਕੰਮ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਸ ਤੋਂ ਇਲਾਵਾ ਪਿੰਡ ਵਿੱਚ 01 ਕਰੋੜ 44 ਲੱਖ ਨਾਲ ਸਟੇਡੀਅਮ ਦਾ ਕੰਮ ਵੀ ਜਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਢੰਡੋਲੀ ਕਲਾਂ ਵਿੱਚ ਪੰਚਾਇਤ ਵੱਲੋਂ ਮੁਹੱਈਆ ਕਰਵਾਈ ਜ਼ਮੀਨ ‘ਤੇ ਇੱਕ ਬਹੁ-ਮੰਤਵੀ ਖੇਡ ਸਟੇਡੀਅਮ ਵਿਕਸਤ ਕੀਤਾ ਜਾ ਰਿਹਾ ਹੈ।

ਇਸ ਸਟੇਡੀਅਮ ਵਿੱਚ ਫੁਟਬਾਲ, ਹਾਕੀ, ਕ੍ਰਿਕਟ, ਕਬੱਡੀ ਅਤੇ ਵਾਲੀਬਾਲ ਸਮੇਤ ਵੱਖ-ਵੱਖ ਖੇਡਾਂ ਲਈ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਿੱਟੀ ਦੀ ਭਰਤ ਸਮੇਤ ਬਾਕੀ ਰਹਿੰਦੇ ਕੰਮਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾ ਕੇ ਸਟੇਡੀਅਮ ਦਾ ਕੰਮ ਮੁਕੰਮਲ ਕਰਵਾਇਆ ਜਾਵੇਗਾ। ਇਸ ਦੇ ਨਾਲ ਨਾਲ 20 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਟੋਭੇ ਦੀ ਕਾਇਆ ਕਲਪ ਵੀ ਕੀਤੀ ਜਾ ਰਹੀ ਹੈ।

ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਪਿੰਡ ਵਿੱਚ ਚੱਲ ਰਹੇ ਸਿਲਾਈ ਅਤੇ ਕਢਾਈ ਸਿਖਲਾਈ ਸੈਂਟਰ ਦਾ ਦੌਰਾ ਕਰਕੇ ਸਿਖਲਾਈ ਪ੍ਰਾਪਤ ਕਰ ਰਹੀਆਂ ਲੜਕੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਫੈਸ਼ਨ ਡਿਜ਼ਾਈਨਿੰਗ, ਸਿਲਾਈ ਅਤੇ ਕਢਾਈ ਦੇ ਖੇਤਰ ਵਿੱਚ ਰੋਜ਼ਗਾਰ ਅਤੇ ਸਵੈ-ਰੁਜ਼ਗਾਰ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਪੇਂਡੂ ਧੀਆਂ ਆਪਣੇ ਹੁਨਰ ਨੂੰ ਕਾਰੋਬਾਰ ਨਾਲ ਜੋੜ ਕੇ ਆਰਥਿਕ ਤੌਰ ‘ਤੇ ਮਜ਼ਬੂਤ ਬਣ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵਿੱਚ ਪੰਜਾਬ ਦੇ ਰਵਾਇਤੀ ਪਹਿਰਾਵਿਆਂ, ਫੁਲਕਾਰੀ ਅਤੇ ਹੱਥ ਨਾਲ ਤਿਆਰ ਕੀਤੀਆਂ ਵਸਤਾਂ ਦੀ ਚੰਗੀ ਮੰਗ ਹੈ। ਡਿਜੀਟਲ ਅਤੇ ਆਨਲਾਈਨ ਮੰਚਾਂ ਦੀ ਵਰਤੋਂ ਕਰਕੇ ਪਿੰਡਾਂ ਦੀਆਂ ਮਹਿਲਾਵਾਂ ਅਤੇ ਲੜਕੀਆਂ ਆਪਣੇ ਉਤਪਾਦਾਂ ਨੂੰ ਦੇਸ਼-ਵਿਦੇਸ਼ ਦੇ ਗਾਹਕਾਂ ਤੱਕ ਪਹੁੰਚਾ ਸਕਦੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਦਿੜ੍ਹਬਾ ਹਲਕੇ ਵਿੱਚ 400 ਤੋਂ ਵੱਧ ਸਵੈ-ਸਹਾਇਤਾ ਸਮੂਹ ਸਰਗਰਮੀ ਨਾਲ ਕੰਮ ਕਰ ਰਹੇ ਹਨ। ਇਨ੍ਹਾਂ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਵੱਲੋਂ ਫੁਲਕਾਰੀ, ਸੂਟ, ਆਚਾਰ ਅਤੇ ਹੋਰ ਘਰੇਲੂ ਉਤਪਾਦ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਦਿੜ੍ਹਬੇ ਦੀ ਫੁਲਕਾਰੀ’ ਆਪਣੀ ਵਿਲੱਖਣ ਕਲਾ ਕਾਰਨ ਪਛਾਣ ਬਣਾ ਰਹੀ ਹੈ ਅਤੇ ਸਰਕਾਰ ਵੱਲੋਂ ਇਨ੍ਹਾਂ ਉਤਪਾਦਾਂ ਦੀ ਬ੍ਰਾਂਡਿੰਗ ਅਤੇ ਮੰਡੀਕਰਨ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ।

ਚੀਮਾ ਨੇ ਦੱਸਿਆ ਕਿ ਦਿੜ੍ਹਬਾ ਵਿਖੇ ਆਂਗਣਵਾੜੀ ਵਰਕਰਾਂ, ਆਸ਼ਾ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੋਗ ਉਮੀਦਵਾਰਾਂ ਨੂੰ ਪਾਰਦਰਸ਼ੀ ਢੰਗ ਨਾਲ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਜ਼ਮੀਨੀ ਪੱਧਰ ‘ਤੇ ਸਿਹਤ ਅਤੇ ਸਮਾਜਿਕ ਭਲਾਈ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।

ਪੱਤਰਕਾਰਾਂ ਵੱਲੋਂ ਸਿਆਸੀ ਗੱਠਜੋੜਾਂ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਭਲੀ-ਭਾਂਤ ਜਾਣੂ ਹਨ ਅਤੇ ਹੁਣ ਸੂਬੇ ਦੇ ਲੋਕ ਵਿਕਾਸ, ਰੋਜ਼ਗਾਰ, ਬਿਹਤਰ ਸਿੱਖਿਆ, ਸਿਹਤ ਸਹੂਲਤਾਂ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਤਰਜੀਹ ਦੇ ਰਹੇ ਹਨ।

ਕਿਸਾਨੀ ਮੰਗਾਂ ਸਬੰਧੀ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਕਈ ਪ੍ਰਮੁੱਖ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਮੁੜ ਖੋਲ੍ਹਦਿਆਂ ਉਨ੍ਹਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਸੁਣ ਕੇ ਸੰਵਾਦ ਰਾਹੀਂ ਹੱਲ ਕੱਢਣਾ ਚਾਹੀਦਾ ਹੈ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਿੜ੍ਹਬਾ ਹਲਕੇ ਸਮੇਤ ਸੂਬੇ ਦੇ ਹਰੇਕ ਪਿੰਡ ਵਿੱਚ ਬੁਨਿਆਦੀ ਢਾਂਚੇ, ਖੇਡਾਂ, ਹੁਨਰ ਵਿਕਾਸ, ਮਹਿਲਾ ਸਸ਼ਕਤੀਕਰਨ ਅਤੇ ਰੋਜ਼ਗਾਰ ਦੇ ਮੌਕਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਮੌਕੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਸਮੇਤ ਵੱਖ ਵੱਖ ਅਹੁਦੇਦਾਰ, ਪਤਵੰਤੇ, ਪੰਚ ਸਰਪੰਚ ਅਤੇ ਵੱਡੀ ਗਿਣਤੀ ਪਿੰਡ ਤੇ ਇਲਾਕਾ ਨਿਵਾਸੀ ਹਾਜ਼ਰ ਸਨ।