ਅੰਨਾ ਹਜ਼ਾਰੇ ਦੀ ਅਚਾਨਕ ਵਿਗੜੀ ਸਿਹਤ, ਮੁੰਬਈ ਦੇ ਹਸਪਤਾਲ ਦੇ ICU ’ਚ ਦਾਖ਼ਲ
ਮੁੰਬਈ 1 ਸਤੰਬਰ 2026
ਦੇਸ਼ ਦੇ ਪ੍ਰਸਿੱਧ ਸਮਾਜ ਸੇਵਕ ਅੰਨਾ ਹਜ਼ਾਰੇ ਦੀ ਸੋਮਵਾਰ ਨੂੰ ਅਚਾਨਕ ਤਬੀਅਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ਦੇ ਆਈਸੀਯੂ (ICU) ਵਿੱਚ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਅੰਨਾ ਹਜ਼ਾਰੇ ਗੰਭੀਰ ਵਾਇਰਲ ਇਨਫੈਕਸ਼ਨ ਤੋਂ ਪੀੜਤ ਹੋਣ ਕਾਰਨ ਕਾਫ਼ੀ ਕਮਜ਼ੋਰ ਹੋ ਗਏ ਸਨ।
ਦੱਸਿਆ ਜਾ ਰਿਹਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਨੂੰ ਤੇਜ਼ ਬੁਖਾਰ, ਕਮਜ਼ੋਰੀ, ਖੰਘ ਅਤੇ ਡੀਹਾਈਡ੍ਰੇਸ਼ਨ ਦੀ ਸਮੱਸਿਆ ਪਰੇਸ਼ਾਨ ਕਰ ਰਹੀ ਸੀ। ਸਿਹਤ ਵਿੱਚ ਸੁਧਾਰ ਨਾ ਹੋਣ ’ਤੇ ਉਨ੍ਹਾਂ ਦੀ ਡਾਕਟਰੀ ਜਾਂਚ ਕਰਵਾਈ ਗਈ। ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਬਿਨਾਂ ਦੇਰੀ ਕੀਤੇ ਆਈਸੀਯੂ ਵਿੱਚ ਭਰਤੀ ਕਰਨ ਦਾ ਫ਼ੈਸਲਾ ਕੀਤਾ।
ਹਾਲਾਂਕਿ, ਹਸਪਤਾਲ ਵਿੱਚ ਇਲਾਜ ਮਿਲਣ ਤੋਂ ਬਾਅਦ ਅੰਨਾ ਹਜ਼ਾਰੇ ਦੀ ਸਿਹਤ ਵਿੱਚ ਪਹਿਲਾਂ ਦੇ ਮੁਕਾਬਲੇ ਸੁਧਾਰ ਦੱਸਿਆ ਜਾ ਰਿਹਾ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਿਗਰਾਨੀ ਰੱਖ ਰਹੀ ਹੈ।
ਅੰਨਾ ਹਜ਼ਾਰੇ ਸਮਾਜਿਕ ਮੁੱਦਿਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨਾਂ ਕਾਰਨ ਦੇਸ਼ ਭਰ ਵਿੱਚ ਜਾਣੇ ਜਾਂਦੇ ਹਨ। ਉਨ੍ਹਾਂ ਦੇ ਬਿਮਾਰ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਪ੍ਰਸ਼ੰਸਕਾਂ ਵੱਲੋਂ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਜਾ ਰਹੀ ਹੈ।






