ED ਦੀ ਕਾਰਵਾਈ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਭਾਜਪਾ ’ਤੇ ਤਿੱਖਾ ਹਮਲਾ, ਕਿਹਾ- AAP ਨਾ ਡਰੀ ਹੈ ਤੇ ਨਾ ਡਰੇਗੀ
ਅੰਮ੍ਰਿਤਸਰ, 2 ਸਤੰਬਰ 2026: ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਬੁਲਾਰੇ ਅਤੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਈ.ਡੀ. ਦੀ ਕਾਰਵਾਈ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਪ੍ਰੈੱਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਬਦਨਾਮ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਧਾਲੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੰਜੇ ਸਿੰਘ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੂੰ ਈ.ਡੀ. ਰਾਹੀਂ ਵੱਖ-ਵੱਖ ਮਾਮਲਿਆਂ ਵਿੱਚ ਫਸਾਇਆ ਗਿਆ ਅਤੇ ਲੰਬੇ ਸਮੇਂ ਤੱਕ ਜੇਲ੍ਹਾਂ ਵਿੱਚ ਰੱਖਿਆ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਬਾਅਦ ਵਿੱਚ ਸੱਚ ਸਾਹਮਣੇ ਆਇਆ ਅਤੇ ‘ਆਪ’ ਆਗੂਆਂ ਨੂੰ ਰਾਹਤ ਮਿਲੀ।
ਉਨ੍ਹਾਂ ਦੋਸ਼ ਲਾਇਆ ਕਿ ਹੁਣ ਪੰਜਾਬ ਵਿੱਚ ਭਾਜਪਾ, ਜਿਸ ਦਾ ਸੂਬੇ ਵਿੱਚ ਕੋਈ ਮਜ਼ਬੂਤ ਆਧਾਰ ਨਹੀਂ ਹੈ, ਈ.ਡੀ. ਰਾਹੀਂ ‘ਆਪ’ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਦੇ ਹੋਰ ਆਗੂਆਂ ਨੂੰ ਵੱਖ-ਵੱਖ ਮਾਮਲਿਆਂ ਵਿੱਚ ਫਸਾਉਣ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਧਾਲੀਵਾਲ ਨੇ ਦੱਸਿਆ ਕਿ ਈ.ਡੀ. ਵੱਲੋਂ ਪੰਜਾਬ ਪੁਲਿਸ ਨੂੰ ਪੱਤਰ ਭੇਜ ਕੇ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਮੁਤਾਬਕ, ਪੰਜਾਬ ਪੁਲਿਸ ਨੇ ਜਵਾਬ ਦਿੰਦਿਆਂ ਕਿਹਾ ਕਿ ਭੇਜੇ ਗਏ ਦਸਤਾਵੇਜ਼ ਅਤੇ ਚੈਟ ਸਪੱਸ਼ਟ ਤੌਰ ’ਤੇ ਪੜ੍ਹੇ ਨਹੀਂ ਜਾ ਰਹੇ। ਇਸ ਲਈ ਈ.ਡੀ. ਦੇ ਸਬੰਧਤ ਅਧਿਕਾਰੀ ਨੂੰ ਪੁਲਿਸ ਹੈੱਡਕੁਆਰਟਰ ਪਹੁੰਚ ਕੇ ਸਾਰੇ ਸਬੂਤ ਅਤੇ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਕਿਹਾ ਗਿਆ।
ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਵੱਲੋਂ ਸਬੂਤ ਲੈ ਕੇ ਆਉਣ ਲਈ ਕਹਿਣ ਦੇ ਬਾਵਜੂਦ ਨਾ ਕੱਲ੍ਹ ਅਤੇ ਨਾ ਹੀ ਅੱਜ ਈ.ਡੀ. ਦਾ ਕੋਈ ਅਧਿਕਾਰੀ ਦਸਤਾਵੇਜ਼ ਲੈ ਕੇ ਪੰਜਾਬ ਪੁਲਿਸ ਕੋਲ ਪਹੁੰਚਿਆ।
ਧਾਲੀਵਾਲ ਨੇ ਕਿਹਾ ਕਿ ਜਦੋਂ ਈ.ਡੀ. ਵੱਲੋਂ ਵਾਰ-ਵਾਰ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਪੰਜਾਬ ਪੁਲਿਸ ਨੂੰ ਸਬੂਤ ਵੀ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਇਸ ਪੂਰੇ ਮਾਮਲੇ ਨੂੰ ‘ਆਪ’ ਆਗੂਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਵੱਡੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਦੇ ਬਾਵਜੂਦ ਆਮ ਆਦਮੀ ਪਾਰਟੀ ਚੱਟਾਨ ਵਾਂਗ ਖੜ੍ਹੀ ਹੈ ਅਤੇ ਪਾਰਟੀ ਨਾ ਕਿਸੇ ਦਬਾਅ ਤੋਂ ਘਬਰਾਈ ਹੈ ਤੇ ਨਾ ਹੀ ਡਰੇਗੀ।







