Weather Alert: ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ 2 ਸਤੰਬਰ 2026
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਗਰਮੀ ਅਤੇ ਹੁੰਮਸ ਵਧੀ ਹੋਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਚਾਰ ਦਿਨਾਂ ਦੌਰਾਨ ਕਈ ਥਾਵਾਂ ’ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ 5 ਸਤੰਬਰ ਤੱਕ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੰਗਲਵਾਰ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਇੱਕ-ਦੋ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਆਸਾਰ ਹਨ।
ਚੰਡੀਗੜ੍ਹ ਵਿੱਚ ਅੱਜ ਅੰਸ਼ਕ ਤੌਰ ’ਤੇ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ ਕੁਝ ਥਾਵਾਂ ’ਤੇ ਮੀਂਹ ਜਾਂ ਗਰਜ-ਤੂਫ਼ਾਨ ਵੀ ਆ ਸਕਦਾ ਹੈ। ਹਾਲਾਂਕਿ ਇਨ੍ਹੀਂ ਦਿਨੀਂ ਚੰਡੀਗੜ੍ਹ ਦਾ ਮੌਸਮ ਮੁਕਾਬਲਤਨ ਸੁਹਾਵਣਾ ਬਣਿਆ ਹੋਇਆ ਹੈ।






