- ਪੰਚਾਇਤੀ ਨੁਮਾਇੰਦਿਆਂ ਨੂੰ ਸਰਕਾਰੀ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ
- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕੀਤੀ ਸ਼ਮੂਲੀਅਤ, ਸਰਕਾਰ ਦੇ ਉਪਰਾਲੇ ਦੀ ਕੀਤੀ ਸ਼ਲਾਘਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ, ਵਿਸ਼ੇਸ਼ ਕਰਕੇ ਸਰਪੰਚਾਂ ਅਤੇ ਪੰਚਾਂ ਨੂੰ ਗ੍ਰਾਮ ਪੰਚਾਇਤਾਂ ਦੀ ਆਮਦਨ ਦੇ ਆਪਣੇ ਸਰੋਤਾਂ (Own Source Revenue), ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਤੇ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਸਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪੱਧਰ ਦੀ ਇੱਕ ਰੋਜ਼ਾ ਵਰਕਸ਼ਾਪ ਕਿਸਾਨ ਵਿਕਾਸ ਚੈਂਬਰ ਦੇ ਆਡੀਟੋਰੀਅਮ ਵਿਖੇ ਆਯੋਜਿਤ ਕੀਤੀ ਗਈ।
ਇਸ ਵਰਕਸ਼ਾਪ ਵਿੱਚ ਵਿਧਾਇਕ ਹਲਕਾ ਡੇਰਾਬੱਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।
ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਨੁਮਾਇੰਦਿਆਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਸਬੰਧੀ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਨਾਲ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਅਤੇ ਅਮਲ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸਹਾਇਤਾ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲਣ ਨਾਲ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ।
ਵਰਕਸ਼ਾਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਨਾਲ ਸਬੰਧਤ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਪੰਚਾਇਤੀ ਵਿਕਾਸ ਅਤੇ ਸਿਖਲਾਈ ਨਾਲ ਸਬੰਧਤ ਸਰੋਤ ਵਿਅਕਤੀਆਂ ਵੱਲੋਂ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਦੇ ਲਾਭ ਆਮ ਜਨਤਾ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਬਾਰੇ ਮਾਰਗਦਰਸ਼ਨ ਦਿੱਤਾ ਗਿਆ।
ਇਸ ਤੋਂ ਇਲਾਵਾ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਸੋਲਰ ਲਾਈਟਾਂ ਲਗਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਸੂਰਜੀ ਊਰਜਾ ਅਧਾਰਿਤ ਲਾਈਟਾਂ ਦੀ ਵਰਤੋਂ ਨਾਲ ਹੋਣ ਵਾਲੇ ਵਾਤਾਵਰਣਿਕ ਅਤੇ ਆਰਥਿਕ ਲਾਭਾਂ ਬਾਰੇ ਵੀ ਸਰਪੰਚਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਸ੍ਰੀਮਤੀ ਪਰਮਬੀਰ ਕੌਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਜ਼ਿਲ੍ਹੇ ਦੇ ਸਮੂਹ ਚਾਰ ਬਲਾਕਾਂ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਵੀ ਹਾਜ਼ਰ ਸਨ।







