ਪੰਜਾਬ ਸਮੇਤ ਉੱਤਰੀ ਭਾਰਤ ’ਚ ਮੀਂਹ ਦਾ ਦੌਰ ਜਾਰੀ, 5 ਸਤੰਬਰ ਤੱਕ ਭਾਰੀ ਬਾਰਿਸ਼ ਦੀ ਚਿਤਾਵਨੀ
ਚੰਡੀਗੜ੍ਹ 3 ਸਤੰਬਰ 2026
ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਦੀ ਤਾਜ਼ਾ ਰਿਪੋਰਟ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਉੱਤਰੀ, ਮੱਧ ਅਤੇ ਉੱਤਰ-ਪੂਰਬੀ ਭਾਰਤ ਦੇ ਕਈ ਸੂਬਿਆਂ ਵਿੱਚ ਤੇਜ਼ ਹਨੇਰੀ, ਤੂਫ਼ਾਨ ਅਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਲਈ ਖਾਸ ਚੌਕਸੀ ਜਾਰੀ ਕੀਤੀ ਹੈ।
ਦਿੱਲੀ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 3 ਅਤੇ 4 ਸਤੰਬਰ ਨੂੰ ਕਈ ਥਾਵਾਂ ’ਤੇ ਵਿਆਪਕ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 5 ਤੋਂ 8 ਸਤੰਬਰ ਤੱਕ ਇਨ੍ਹਾਂ ਇਲਾਕਿਆਂ ਵਿੱਚ ਹਲਕੀ ਤੋਂ ਛਿਟਪੁਟ ਬਾਰਿਸ਼ ਹੋ ਸਕਦੀ ਹੈ। ਪੰਜਾਬ, ਦਿੱਲੀ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 3 ਤੋਂ 5 ਸਤੰਬਰ ਦਰਮਿਆਨ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।
ਪੰਜਾਬ ਵਿੱਚ 3 ਤੋਂ 8 ਸਤੰਬਰ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਦੌਰ ਜਾਰੀ ਰਹਿਣ ਦਾ ਅਨੁਮਾਨ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਬੱਦਲਵਾਈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਉੱਤਰਾਖੰਡ ਵਿੱਚ 3 ਤੋਂ 8 ਸਤੰਬਰ ਤੱਕ ਵਿਆਪਕ ਮੀਂਹ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਵੀ 3 ਤੋਂ 5 ਸਤੰਬਰ ਤੱਕ ਕਈ ਥਾਵਾਂ ’ਤੇ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।







