ਮੁੱਖ ਮੰਤਰੀ ਦਫ਼ਤਰ ਵੱਲ ਮਾਰਚ ਕਰ ਰਹੀਆਂ ਹਰਸਿਮਰਤ ਬਾਦਲ ਅਤੇ ਗਨੀਵ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

Top Trending News ਪੰਜਾਬ

 

ਮੁੱਖ ਮੰਤਰੀ ਦਫ਼ਤਰ ਵੱਲ ਮਾਰਚ ਕਰ ਰਹੀਆਂ ਹਰਸਿਮਰਤ ਬਾਦਲ ਅਤੇ ਗਨੀਵ ਮਜੀਠੀਆ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

ਚੰਡੀਗੜ੍ਹ, 5 ਸਤੰਬਰ 2026: ਪੰਜਾਬ ਸਰਕਾਰ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਵਿਧਾਇਕਾ ਗਨੀਵ ਕੌਰ ਮਜੀਠੀਆ (Harsimrat Badal and Ganeev Majithia) ਨੇ ਕੀਤੀ।

ਸੈਂਕੜੇ ਮਹਿਲਾ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਥਿਤ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦਫ਼ਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਭਾਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਜਦੋਂ ਪ੍ਰਦਰਸ਼ਨਕਾਰੀ ਬੈਰੀਕੇਡ ਪਾਰ ਕਰਕੇ ਅੱਗੇ ਵਧਣ ਦੀ ਕੋਸ਼ਿਸ਼ ਕਰਨ ਲੱਗੇ ਤਾਂ ਪੁਲਿਸ ਅਤੇ ਅਕਾਲੀ ਵਰਕਰਾਂ ਵਿਚਾਲੇ ਧੱਕਾਮੁੱਕੀ ਹੋ ਗਈ। ਇਸ ਤੋਂ ਬਾਅਦ ਪੁਲਿਸ ਨੇ ਹਰਸਿਮਰਤ ਕੌਰ ਬਾਦਲ, ਗਨੀਵ ਕੌਰ ਮਜੀਠੀਆ (Harsimrat Badal and Ganeev Majithia) ਸਮੇਤ ਕਈ ਇਸਤਰੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਬੱਸਾਂ ਰਾਹੀਂ ਥਾਣੇ ਲਿਜਾਇਆ ਗਿਆ।

ਹਿਰਾਸਤ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਸਰਕਾਰ ’ਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣਾ ਸੰਘਰਸ਼ ਜਾਰੀ ਰੱਖੇਗਾ। ਗਨੀਵ ਕੌਰ ਮਜੀਠੀਆ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਲੋਕ ਮੌਜੂਦਾ ਪ੍ਰਬੰਧ ਤੋਂ ਨਿਰਾਸ਼ ਹਨ।