ਬੱਚਿਆਂ ਦੀ ਚੰਗੀ ਸਿਹਤ ਲਈ ਪੌਸ਼ਟਿਕ ਖ਼ੁਰਾਕ ਬਹੁਤ ਜ਼ਰੂਰੀ : ਸਿਵਲ ਸਰਜਨ

Top Trending News ਸਿਹਤ ਪੰਜਾਬ

  • ਬੱਚਿਆਂ ਦੀ ਚੰਗੀ ਸਿਹਤ ਲਈ ਪੌਸ਼ਟਿਕ ਖ਼ੁਰਾਕ ਬਹੁਤ ਜ਼ਰੂਰੀ : ਸਿਵਲ ਸਰਜਨ
  • ਰਾਸ਼ਟਰੀ ਪੋਸ਼ਣ ਹਫ਼ਤਾ 1 ਤੋਂ 7 ਸਤੰਬਰ ਤਕ ਜਾਰੀ

ਮੋਹਾਲੀ, 5 ਸਤੰਬਰ (ਦੇਸ਼ ਕਲਿੱਕ ਬਿਊਰੋ): ਰਾਸ਼ਟਰੀ ਪੋਸ਼ਣ ਹਫ਼ਤਾ ਹਰ ਸਾਲ 1 ਤੋਂ 7 ਸਤੰਬਰ ਤਕ ਮਨਾਇਆ ਜਾਂਦਾ ਹੈ, ਜਿਸ ਦਾ ਉਦੇਸ਼ ਲੋਕਾਂ ਨੂੰ ਸੰਤੁਲਿਤ ਖੁਰਾਕ, ਸਹੀ ਪੋਸ਼ਣ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਤਹਿਤ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ l
ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਕਿਹਾ ਕਿ ਬੱਚਿਆਂ ਦੇ ਸਿਹਤਮੰਦ ਵਿਕਾਸ ਲਈ ਪੌਸ਼ਟਿਕ ਖੁਰਾਕ ਦੇ ਨਾਲ-ਨਾਲ ਸਮੇਂ ਸਿਰ ਟੀਕਾਕਰਨ ਵੀ ਜ਼ਰੂਰੀ ਹੈ। ਮਾਪਿਆਂ ਨੂੰ ਬੱਚਿਆਂ ਦੇ ਸਾਰੇ ਟੀਕੇ ਨਿਰਧਾਰਤ ਸਮੇਂ ਅਨੁਸਾਰ ਲਗਵਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਨਮ ਤੋਂ ਬਾਅਦ ਮਾਂ ਦਾ ਦੁੱਧ ਬੱਚੇ ਲਈ ਸਭ ਤੋਂ ਉੱਤਮ ਆਹਾਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਸੰਤੁਲਿਤ ਅਤੇ ਮਿਆਰੀ ਪੋਸ਼ਣ ਨੂੰ ਸਿਰਫ਼ ਪੋਸ਼ਣ ਹਫ਼ਤੇ ਤਕ ਸੀਮਿਤ ਨਾ ਰੱਖ ਕੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਵਹਿਮਾਂ-ਭਰਮਾਂ ਦੀ ਬਜਾਏ ਸਹੀ ਤੇ ਵਿਗਿਆਨਕ ਪੋਸ਼ਣ ਜਾਣਕਾਰੀ ਨੂੰ ਅਪਣਾਉਣ।

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਮੰਨਾ ਸਿੰਗਲ ਨੇ ਕਿਹਾ ਕਿ ਮਾਂ ਅਤੇ ਬੱਚੇ ਦੀ ਸਿਹਤ ਲਈ ਗਰਭ ਅਵਸਥਾ ਤੋਂ ਹੀ ਪੋਸ਼ਣ ਵੱਲ ਧਿਆਨ ਦੇਣਾ ਲਾਜ਼ਮੀ ਹੈ। ਗਰਭਵਤੀ ਔਰਤਾਂ ਨੂੰ ਸੰਤੁਲਿਤ ਖੁਰਾਕ ਦੇ ਨਾਲ ਸਿਹਤ ਵਿਭਾਗ ਦੀ ਸਲਾਹ ਅਨੁਸਾਰ ਆਇਰਨ, ਕੈਲਸ਼ੀਅਮ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਲੈਣੀਆਂ ਚਾਹੀਦੀਆਂ ਹਨ। ਉਨ੍ਹਾਂ ਪਰਿਵਾਰਾਂ ਨੂੰ ਪੋਸ਼ਣ ਸਬੰਧੀ ਵਹਿਮਾਂ-ਭਰਮਾਂ ਤੋਂ ਦੂਰ ਰਹਿ ਕੇ ਵਿਗਿਆਨਕ ਜਾਣਕਾਰੀ ਅਪਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਜਨਮ ਤੋਂ ਛੇ ਮਹੀਨੇ ਤਕ ਬੱਚੇ ਲਈ ਮਾਂ ਦਾ ਦੁੱਧ ਹੀ ਸੰਪੂਰਨ ਆਹਾਰ ਹੈ। ਇਸ ਲਈ ਮਾਵਾਂ ਨੂੰ ਪਹਿਲੇ ਛੇ ਮਹੀਨਿਆਂ ਤੱਕ ਬੱਚੇ ਨੂੰ ਕੇਵਲ ਆਪਣਾ ਦੁੱਧ ਪਿਲਾਉਣਾ ਚਾਹੀਦਾ ਹੈ ਅਤੇ ਛੇ ਮਹੀਨੇ ਬਾਅਦ ਮਾਂ ਦੇ ਦੁੱਧ ਦੇ ਨਾਲ ਉਮਰ ਅਨੁਸਾਰ ਪੂਰਕ ਖੁਰਾਕ ਸ਼ੁਰੂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਦਾ ਉਦੇਸ਼ ਬੱਚਿਆਂ ਵਿੱਚ ਕੁਪੋਸ਼ਣ ਅਤੇ ਅਨੀਮੀਆ ਦੀ ਰੋਕਥਾਮ, ਘੱਟ ਭਾਰ ਵਾਲੇ ਬੱਚਿਆਂ ਦੀ ਸਿਹਤ ਵਿੱਚ ਸੁਧਾਰ ਅਤੇ ਮਹਿਲਾਵਾਂ ਵਿੱਚ ਅਨੀਮੀਆ ਨੂੰ ਕੰਟਰੋਲ ਕਰਨਾ ਹੈ।