ਸਰਹੱਦ ਪਾਰੋਂ ਨਸ਼ਾ ਤੇ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 15 ਪਿਸਤੌਲ ਤੇ 5 ਕਿਲੋ ਹੈਰੋਇਨ ਸਮੇਤ 2 ਕਾਬੂ
ਅੰਮ੍ਰਿਤਸਰ, 7 ਸਤੰਬਰ 2026: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਮਾਦਕ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15 ਗੈਰ-ਕਾਨੂੰਨੀ ਪਿਸਤੌਲ ਅਤੇ ਪੰਜ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਅਨੁਸਾਰ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਮਿਲਦੀਆਂ ਸਨ, ਜਿਨ੍ਹਾਂ ਨੂੰ ਅੱਗੇ ਵੱਖ-ਵੱਖ ਥਾਵਾਂ ’ਤੇ ਸਪਲਾਈ ਕੀਤਾ ਜਾਂਦਾ ਸੀ।
ਇਸ ਸਬੰਧੀ ਥਾਣਾ ਘਰਿੰਡਾ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹਥਿਆਰਾਂ ਅਤੇ ਹੈਰੋਇਨ ਦੀ ਸਪਲਾਈ ਦੇ ਸਰੋਤ ਅਤੇ ਅੱਗੇ ਸਪਲਾਈ ਕਰਨ ਵਾਲੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਜਾਂਚ ਏਜੰਸੀਆਂ ਵਿਦੇਸ਼ੀ ਹੈਂਡਲਰਾਂ ਨਾਲ ਮੁਲਜ਼ਮਾਂ ਦੇ ਸੰਪਰਕ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕਰ ਰਹੀਆਂ ਹਨ।







