ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਸਰਪੰਚ ਦਾ ਪਤੀ ਗ੍ਰਿਫ਼ਤਾਰ
ਚੰਡੀਗੜ੍ਹ/ਸੰਗਰੂਰ, 8 ਸਤੰਬਰ 2026: ਦਿੜ੍ਹਬਾ ਹਲਕੇ ਦੇ ਪਿੰਡ ਤੂਰ ਵਣਜਾਰਾ ਦੇ 46 ਸਾਲਾ ਵਸਨੀਕ ਗੁਲਜ਼ਾਰ ਸਿੰਘ ਦੀ ਬੀਤੀ ਰਾਤ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੁਲਜ਼ਾਰ ਸਿੰਘ ਨੇ ਕਥਿਤ ਤੌਰ ’ਤੇ ਸੈਲਫੋਸ ਖਾ ਲਿਆ ਸੀ, ਜਿਸ ਤੋਂ ਬਾਅਦ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਪਰਿਵਾਰ ਮੁਤਾਬਕ, ਗੁਲਜ਼ਾਰ ਸਿੰਘ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪਿੰਡ ਦੌਰੇ ਦੌਰਾਨ ਆਪਣੇ ਪੁੱਤਰ ਦੀ ਨਸ਼ੇ ਦੀ ਆਦਤ ਅਤੇ ਇਲਾਕੇ ਵਿੱਚ ਵੱਧ ਰਹੇ ਨਸ਼ਿਆਂ ਦਾ ਮੁੱਦਾ ਚੁੱਕਿਆ ਸੀ। ਉਨ੍ਹਾਂ ਦੱਸਿਆ ਸੀ ਕਿ ਪੁੱਤਰ ਨਸ਼ਾ ਖਰੀਦਣ ਲਈ ਘਰ ਦਾ ਅਨਾਜ ਤੱਕ ਵੇਚ ਰਿਹਾ ਹੈ।
ਪਰਿਵਾਰ ਨੇ ਦੋਸ਼ ਲਾਇਆ ਕਿ ਇਸ ਮਾਮਲੇ ਤੋਂ ਬਾਅਦ ਉਨ੍ਹਾਂ ’ਤੇ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਦਬਾਅ ਬਣਾਇਆ ਜਾ ਰਿਹਾ ਸੀ। ਜ਼ਹਿਰ ਖਾਣ ਤੋਂ ਪਹਿਲਾਂ ਗੁਲਜ਼ਾਰ ਸਿੰਘ ਵੱਲੋਂ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦਿੱਤੇ ਗਏ ਬਿਆਨ ਵੀ ਸਾਹਮਣੇ ਆਏ ਹਨ। ਪਰਿਵਾਰ ਨੇ ਇਨ੍ਹਾਂ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਇਸ ਦੌਰਾਨ ਦਿੜ੍ਹਬਾ ਪੁਲਿਸ ਨੇ ਮਾਮਲੇ ਵਿੱਚ ਪਿੰਡ ਤੂਰ ਵਣਜਾਰਾ ਦੀ ਸਰਪੰਚ ਦੇ ਪਤੀ ਬਲਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਪਹਿਲਾਂ ਹੀ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ।







