ਸਕੂਲ ‘ਚ ਸਿੱਖ ਬੱਚੇ ਨਾਲ ਰੈਗਿੰਗ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਐਕਸ਼ਨ! ਕਿਹਾ- ਪ੍ਰਿੰਸੀਪਲ ਨੂੰ ਹਟਾਓ
ਚੰਡੀਗੜ੍ਹ 8 ਸਤੰਬਰ 2026
ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਕਰਨ ਦਾ ਭਿਆਨਕ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਹੱਦ ਸਖ਼ਤ ਰੁਖ ਅਪਣਾਇਆ ਗਿਆ ਹੈ। ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਵਰਤਾਰੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਕੂਲ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਜੱਥੇਦਾਰ ਸਾਹਿਬ ਨੇ ਸਕੂਲ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਕੂਲ ਦੇ ਪ੍ਰਿੰਸੀਪਲ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਹਟਾਇਆ ਜਾਵੇ, ਕਿਉਂਕਿ ਉਹ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਅਨੁਸ਼ਾਸਨ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਏ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਬੱਚੇ ਨਾਲ ਧੱਕੇਸ਼ਾਹੀ, ਰੈਗਿੰਗ ਜਾਂ ਅਮਾਨਵੀ ਵਿਵਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਘਟਨਾ ਦਾ ਪਤਾ ਲੱਗਦਿਆਂ ਹੀ ਜੱਥੇਦਾਰ ਸਾਹਿਬ ਨੇ ਪੀੜਤ ਸਿੱਖ ਬੱਚੇ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਪਰਿਵਾਰ ਨੂੰ ਪੂਰਨ ਹੌਸਲਾ ਦਿੰਦਿਆਂ ਵਿਸ਼ਵਾਸ ਦਿਵਾਇਆ ਕਿ ਇਸ ਔਖੀ ਘੜੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ ਅਤੇ ਬੱਚੇ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।







