DA ਬਕਾਇਆ ਮਾਮਲਾ! ਪੰਜਾਬ ਸਰਕਾਰ ਨੂੰ ਹਾਈਕੋਰਟ ਦਾ 10 ਦਿਨਾਂ ਦਾ ਅਲਟੀਮੇਟਮ
ਚੰਡੀਗੜ੍ਹ 10 ਸਤੰਬਰ 2026
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਦੀਆਂ ਬਕਾਇਆ ਕਿਸ਼ਤਾਂ ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ। ਮੁੱਖ ਜੱਜ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਮਿਲ ਸਕਦੀ ਹੈ ਤਾਂ ਉਹ 10 ਦਿਨਾਂ ਅੰਦਰ ਸੁਪਰੀਮ ਕੋਰਟ ਵਿੱਚ ਸੁਣਵਾਈ ਯਕੀਨੀ ਬਣਾਏ, ਨਹੀਂ ਤਾਂ ਹਾਈ ਕੋਰਟ 21 ਸਤੰਬਰ ਨੂੰ ਮਾਮਲੇ ਵਿੱਚ ਆਪਣਾ ਹੁਕਮ ਸੁਣਾ ਸਕਦੀ ਹੈ।
ਇਹ ਮਾਮਲਾ ਹਾਈ ਕੋਰਟ ਵੱਲੋਂ 3 ਅਗਸਤ ਨੂੰ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਨਾ ਹੋਣ ਦੇ ਦੋਸ਼ਾਂ ਮਗਰੋਂ ਮੁੜ ਸੁਣਵਾਈ ਲਈ ਆਇਆ। ਮੁਲਾਜ਼ਮਾਂ ਵੱਲੋਂ ਪੇਸ਼ ਵਕੀਲ ਨੇ ਦਲੀਲ ਦਿੱਤੀ ਕਿ ਸਰਕਾਰ ਨੇ ਨਾ ਤਾਂ ਨਿਰਧਾਰਤ ਸਮੇਂ ਅੰਦਰ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਅਤੇ ਨਾ ਹੀ ਪਾਲਣਾ ਰਿਪੋਰਟ ਦਾਖ਼ਲ ਕੀਤੀ।
ਜ਼ਿਕਰਯੋਗ ਹੈ ਕਿ 3 ਅਗਸਤ ਨੂੰ ਅਦਾਲਤ ਨੇ ਸਰਕਾਰ ਨੂੰ ਕੇਂਦਰ ਸਰਕਾਰ ਦੀ ਤਰਜ਼ ’ਤੇ ਆਈਏਐਸ, ਆਈਪੀਐਸ ਅਤੇ ਆਈਐਫਐਸ ਅਧਿਕਾਰੀਆਂ ਦੇ ਬਰਾਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਨਾਲ ਹੀ ਬਕਾਇਆ ਰਕਮ ’ਤੇ 6 ਫ਼ੀਸਦੀ ਸਾਲਾਨਾ ਵਿਆਜ ਦੇਣ ਦੇ ਨਿਰਦੇਸ਼ ਵੀ ਦਿੱਤੇ ਗਏ ਸਨ।







