ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ, ਪਿਤਾ ਨੇ ਮੰਗੀ CBI ਜਾਂਚ

Top Trending News ਪੰਜਾਬ

  • ਮੋਹਨਜੀਤ ਦੀ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚਿਆ, ਪਿਤਾ ਨੇ ਮੰਗੀ CBI ਜਾਂਚ

ਚੰਡੀਗੜ੍ਹ, 10 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੀ ਝੰਡੀ ਦਿਖਾਉਣ ਵਾਲੇ ਸੰਗਰੂਰ ਦੇ ਨੌਜਵਾਨ ਮੋਹਨਜੀਤ ਸਿੰਘ ਦੀ ਕਥਿਤ ਕੁੱਟਮਾਰ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਸ਼ੇਰੋਂ ਪਿੰਡ ਵਾਸੀ ਮੋਹਨਜੀਤ ਦੇ ਪਿਤਾ ਗੁਰਮੇਲ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ CBI ਤੋਂ ਕਰਵਾਉਣ ਦੀ ਮੰਗ ਕੀਤੀ ਹੈ।

ਪਟੀਸ਼ਨਰ ਦਾ ਦੋਸ਼ ਹੈ ਕਿ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਕਾਲੀ ਝੰਡੀ ਦਿਖਾਉਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਪੁੱਤਰ ਨਾਲ ਕਥਿਤ ਤੌਰ ’ਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਨ੍ਹਾਂ ਪੰਜਾਬ ਪੁਲਿਸ ਦੀ ਜਾਂਚ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਪੁਲਿਸ ਅਧਿਕਾਰੀਆਂ ਦੀ ਭੂਮਿਕਾ ’ਤੇ ਹੀ ਸਵਾਲ ਹਨ ਤਾਂ ਉਸੇ ਵਿਭਾਗ ਤੋਂ ਨਿਰਪੱਖ ਜਾਂਚ ਦੀ ਉਮੀਦ ਨਹੀਂ ਕੀਤੀ ਜਾ ਸਕਦੀ।

ਹਾਈਕੋਰਟ ਨੇ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ
ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਤਲਬ ਕੀਤੀ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕੀਤਾ ਜਾ ਚੁੱਕਾ ਹੈ। ਹੁਣ ਸਰਕਾਰ ਨੂੰ ਜਾਂਚ ਦੀ ਪ੍ਰਗਤੀ ਅਤੇ ਹੁਣ ਤੱਕ ਕੀਤੀ ਕਾਰਵਾਈ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨੀ ਹੋਵੇਗੀ।

ਛੱਤ ਤੋਂ ਦਿਖਾਈ ਸੀ ਕਾਲੀ ਝੰਡੀ
ਇਹ ਮਾਮਲਾ ਸੰਗਰੂਰ ਦੇ ਸ਼ੇਰੋਂ ਪਿੰਡ ਦਾ ਹੈ, ਜਿੱਥੇ ਮੁੱਖ ਮੰਤਰੀ ਦਾ ਪ੍ਰੋਗਰਾਮ ਹੋਇਆ ਸੀ। ਦੋਸ਼ ਮੁਤਾਬਕ ਮੋਹਨਜੀਤ ਸਿੰਘ ਨੇ ਪ੍ਰੋਗਰਾਮ ਵਾਲੀ ਥਾਂ ਦੇ ਪਿੱਛੇ ਇੱਕ ਘਰ ਦੀ ਛੱਤ ਤੋਂ ਮੁੱਖ ਮੰਤਰੀ ਦੇ ਕਾਫ਼ਲੇ ਵੱਲ ਕਾਲੀ ਝੰਡੀ ਦਿਖਾਈ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਉਸ ਨਾਲ ਕਥਿਤ ਕੁੱਟਮਾਰ ਕੀਤੇ ਜਾਣ ਦੇ ਦੋਸ਼ ਲੱਗੇ ਸਨ। ਹੁਣ ਮੋਹਨਜੀਤ ਦੇ ਪਿਤਾ ਨੇ ਘਟਨਾ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਜੇ ਜਾਂਚ ਦੌਰਾਨ ਕੋਈ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ।