ਫੈਸਲਾਬਾਦ ਏਅਰਪੋਰਟ ’ਤੇ ਰੋਕੇ ਪਾਕਿਸਤਾਨੀ ਸਿੱਖ ਸ਼ਰਧਾਲੂ, ਭਾਰਤ ਆਉਣ ਦੀ ਇਜਾਜ਼ਤ ਨਾ ਮਿਲਣ ’ਤੇ ਰੋਸ
ਫੈਸਲਾਬਾਦ 11 ਸਤੰਬਰ 2026
ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਤੋਂ ਇਕੱਠੇ ਹੋ ਕੇ ਭਾਰਤ ਸਥਿਤ ਸ੍ਰੀ ਹੇਮਕੁੰਡ ਸਾਹਿਬ ਸਮੇਤ ਹੋਰ ਸਿੱਖ ਗੁਰਧਾਮਾਂ ਦੇ ਦਰਸ਼ਨ ਲਈ ਆ ਰਹੇ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਏਅਰਪੋਰਟ ’ਤੇ ਰੋਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਧਾਲੂਆਂ ਦਾ ਦਾਅਵਾ ਹੈ ਕਿ ਪਾਕਿਸਤਾਨ ਸਰਕਾਰ ਅਤੇ ਗ੍ਰਹਿ ਵਿਭਾਗ ਵੱਲੋਂ ਉਨ੍ਹਾਂ ਨੂੰ ਕਰੀਬ 12 ਘੰਟਿਆਂ ਤੋਂ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਏਅਰਪੋਰਟ ’ਤੇ ਰੋਕੇ ਜਾਣ ਕਾਰਨ ਸ਼ਰਧਾਲੂਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸ਼ਰਧਾਲੂ ਸੰਗਤੀ ਰੂਪ ਵਿੱਚ ਇਕੱਠੇ ਹੋ ਕੇ ਗੁਰਬਾਣੀ ਦਾ ਪਾਠ ਅਤੇ ਜਾਪ ਕਰ ਰਹੇ ਹਨ। ਉਨ੍ਹਾਂ ਨੇ ਪਾਕਿਸਤਾਨ ਸਰਕਾਰ ਦੇ ਰਵੱਈਏ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਧਾਰਮਿਕ ਯਾਤਰਾ ਲਈ ਭਾਰਤ ਜਾਣ ਵਾਲੇ ਸਿੱਖਾਂ ਨਾਲ ਅਜਿਹਾ ਵਿਹਾਰ ਨਹੀਂ ਹੋਣਾ ਚਾਹੀਦਾ।
ਪਾਕਿਸਤਾਨੀ ਸਿੱਖ ਸ਼ਰਧਾਲੂਆਂ ਨੇ ਭਾਰਤ ਵਿੱਚ ਸਿੱਖ ਆਗੂਆਂ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ। ਸ਼ਰਧਾਲੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਭਾਰਤ ਆ ਕੇ ਸਿੱਖ ਗੁਰਧਾਮਾਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।







