ਦੁਖਦਾਈ ਖ਼ਬਰ: ਅਕਾਲੀ ਦਲ ਦੇ ਸਾਬਕਾ ਰਾਜ ਸਭਾ ਮੈਂਬਰ ਬਰਿੰਦਰ ਬਾਜਵਾ ਦਾ ਦੇਹਾਂਤ
ਹੁਸ਼ਿਆਰਪੁਰ 12 ਸਤੰਬਰ 2026
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਰਿੰਦਰ ਸਿੰਘ ਬਾਜਵਾ ਦਾ ਬੀਤੀ ਰਾਤ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਮਿਲਦਿਆਂ ਹੀ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਬਰਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵੱਖ-ਵੱਖ ਅਹਿਮ ਅਹੁਦਿਆਂ ’ਤੇ ਰਹਿੰਦਿਆਂ ਪਾਰਟੀ ਲਈ ਸਰਗਰਮੀ ਨਾਲ ਕੰਮ ਕੀਤਾ। ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਜਥੇਬੰਦਕ ਪੱਧਰ ’ਤੇ ਪਾਰਟੀ ਦਾ ਆਧਾਰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦਾ ਅਹਿਮ ਯੋਗਦਾਨ ਮੰਨਿਆ ਜਾਂਦਾ ਹੈ। ਉਨ੍ਹਾਂ ਨੇ ਲੰਬੇ ਸਮੇਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਈ।
ਬਾਜਵਾ ਦੇ ਦੇਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸਿੱਖਿਆ ਖੇਤਰ ਨਾਲ ਜੁੜੀਆਂ ਸੰਸਥਾਵਾਂ ਵੱਲੋਂ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਜਾ ਰਹੀ ਹੈ।
ਬਾਜਵਾ ਦੇ ਦੇਹਾਂਤ ਨੂੰ ਹੁਸ਼ਿਆਰਪੁਰ ਦੀ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਲਈ ਵੱਡਾ ਘਾਟਾ ਦੱਸਿਆ ਜਾ ਰਿਹਾ ਹੈ।







